ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਖਬਰਦਾਰ ਕੀਤਾ ਹੈ। ਉਨ੍ਹਾਂ ਨੇ ਦਿੱਲੀ ਮੋਰਚੇ ਵਿੱਚ ਘੁਸਪੈਠ ਦੀ ਸ਼ੰਕਾ ਜਤਾਉਂਦਿਆਂ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਕਿਹਾ ਹੈ। ਉਨ੍ਹਾਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸਪੈਠ ਕਰਵਾ ਸਕਦੀ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਦੇਸ਼ ਦੀ ਸਰਕਾਰ ਨੇ ਨੋਟਬੰਦੀ ਲਾਗੂ ਕੀਤੀ, ਪਰ ਕਾਲਾ ਧਨ ਵਾਪਸ ਨਹੀਂ ਆਇਆ। ਫਿਰ ਜੀਐਸਟੀ ਲਾਗੂ ਕੀਤੀ ਪਰ ਵਪਾਰੀਆਂ ਨੂੰ ਕੋਈ ਫ਼ਾਇਦਾ ਨਹੀਂ ਮਿਲਿਆ ਤੇ ਹੁਣ ਅਜਿਹੇ ਕਾਲੇ ਖੇਤੀ ਕਾਨੂੰਨ ਬਣਾਏ, ਜਿਨ੍ਹਾਂ ਦਾ ਕਿਸਾਨ ਖ਼ੁਦ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸੰਸਦ ਦਾ ਵਿਸ਼ੇਸ਼ ਸ਼ੈਸਨ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ।

ਉਨ੍ਹਾਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਗਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸਪੈਠ ਕਰਵਾ ਸਕਦੀ ਹੈ। ਇਸ ਲਈ ਸਭ ਨੂੰ ਸੁਚੇਤ ਰਹਿੰਦਿਆਂ ਸਾਵਧਾਨੀ ਵਰਤਣੀ ਪਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਦੇ ਸਿੱਖ ਨੌਜਵਾਨਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਦੀ ਥਾਂ ਆਪੋ-ਆਪਣੇ ਮੁਲਕਾਂ ਦੀ ਰਾਜਨੀਤੀ ਵਿੱਚ ਹਿੱਸਾ ਲੈਣ।

ਉਨ੍ਹਾਂ ਨੇ ਨਿਊਯਾਰਕ ਵਿੱਚ ਕਿਸਾਨਾਂ ਦੇ ਹੱਕ ’ਚ ਸਿੱਖ ਭਾਈਚਾਰੇ ਵੱਲੋਂ ਦਿੱਤੀ ਹਮਾਇਤ ਦੀ ਸ਼ਲਾਘਾ ਕੀਤੀ। ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨੇ ਖ਼ਾਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਵਿੱਚ ਉਲਝਣ ਦੀ ਥਾਂ ਰਾਜਨੀਤੀ ਵਿੱਚ ਸ਼ਾਮਲ ਹੋਣ ਤਾਂ ਜੋ ਕੌਮ ਤੇ ਮੁਲਕ ਵਾਸਤੇ ਆਵਾਜ਼ ਬੁਲੰਦ ਕੀਤੀ ਜਾ ਸਕੇ।

ਇਨ੍ਹਾਂ ਮੰਚਾਂ ਤੋਂ ਕਿਰਤੀ ਤੇ ਕਿਸਾਨਾਂ ਦੇ ਹੱਕਾਂ ਵਿੱਚ ਵੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਲੰਮੇ ਸਮੇਂ ਤੋਂ ਗੁਰਦੁਆਰਾ ਸਿਆਸਤ ਵਿੱਚ ਉਲਝਾ ਕੇ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਸਿੱਖ ਇਸ ਵਿੱਚ ਉਲਝੇ ਹੋਏ ਵੀ ਹਨ, ਜਿਸ ਤੋਂ ਬਾਹਰ ਆਉਣ ਦੀ ਲੋੜ ਹੈ।