ਗੁਰਦਾਸਪੁਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਭ ਤੋਂ ਵਿਵਾਦਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੌਲੀ-ਹੌਲੀ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ। ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਤਿੰਨਾਂ ਤਖ਼ਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ ਤੇ ਬਾਈਕਾਟ ਵਾਲੀ ਗੱਲ ਮਨਘੜਤ ਹੈ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਸਰਕਾਰ ਵੱਲੋਂ ਹਾਂ ਪੱਖੀ ਰਵੱਈਆ ਦਿਖਾਉਣ ਤੋਂ ਬਾਅਦ ਭਾਰਤ ਸਰਕਾਰ ਨੂੰ ਵੀ ਕਦਮ ਪੁੱਟਣ ਦੀ ਅਪੀਲ ਕੀਤੀ।

ਗਿਆਨੀ ਗੁਰਬਚਨ ਸਿੰਘ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਸਨ। ਇੱਥੇ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸ ਕੀਤੀ ਤੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਮੀਡੀਆ ਵਿੱਚ ਪੰਜਾਬ ਵਿਚਲੇ ਤਿੰਨੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਉਨ੍ਹਾਂ ਦਾ ਬਾਈਕਾਟ ਕੀਤੇ ਜਾਣ ਦੀਆਂ ਖ਼ਬਰਾਂ ਸਹੀ ਨਹੀਂ ਤੇ ਸਿੰਘ ਸਾਹਿਬਾਨ ਉਨ੍ਹਾਂ ਦੇ ਨਾਲ ਹੀ ਹਨ।

ਜ਼ਿਕਰਯੋਗ ਹੈ ਕਿ ਮੀਡੀਆ ਵਿੱਚ ਖ਼ਬਰਾਂ ਆਈਆਂ ਸਨ ਕਿ ਤਿੰਨ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਮੀਟਿੰਗਾਂ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਵੀ ਗਿਆਨੀ ਗੁਰਬਚਨ ਸਿੰਘ ਨੂੰ ਸੇਵਾਮੁਕਤ ਹੋ ਜਾਣ ਦੀ ਅਪੀਲ ਕੀਤੀ ਸੀ। ਇਸ 'ਤੇ ਗਿਆਨੀ ਗੁਰਬਚਨ ਸਿੰਘ ਨੇ ਖ਼ੁਦ ਨੂੰ ਜਥੇਦਾਰਾਂ ਦਾ ਸਾਥ ਹਾਸਲ ਹੋਣ ਦਾ ਦਾਅਵਾ ਕੀਤਾ।