Operation Blue Star Anniversary: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪੋਸਟ ਪਾ ਕੇ ਇਸ ਆਪ੍ਰੇਸ਼ਨ ਵਿੱਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ।
ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ 6 ਜੂਨ 1984 ਉਹ ਦਿਨ ਸੀ ਜਦੋਂ ਸਿੱਖ ਕੌਮ 'ਤੇ ਤੀਜਾ ਘੱਲੂਘਾਰਾ ਵਾਪਰਿਆ ਤੇ ਉਹ ਵੀ ਭਾਰਤ ਦੀ ਆਪਣੀ ਕੇਂਦਰ ਸਰਕਾਰ ਵੱਲੋਂ ਅੰਜਾਮ ਦਿੱਤਾ ਗਿਆ। ਇਸ ਤੀਜੇ ਘੱਲੂਘਾਰੇ ਦੀ ਯਾਦ ਰਹਿ-ਰਹਿ ਕੇ ਕੌਮ ਦੇ ਜ਼ਖ਼ਮਾਂ ਨੂੰ ਪੀੜ੍ਹੀ ਦਰ ਪੀੜ੍ਹੀ ਮੁੜ ਹਰੇ ਕਰਦੀ ਹੈ। ਸਾਡੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੋਪਾਂ ਨਾਲ ਢਹਿ ਢੇਰੀ ਕਰ ਹਜਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕਰ ਦਿੱਤਾ। ਸ਼ਹੀਦ ਹੋਏ ਸਿੰਘ ਸਿੰਘਣੀਆਂ ਨੂੰ ਕੋਟਿ ਕੋਟਿ ਪ੍ਰਣਾਮ।
ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਸਬੰਧੀ ਨਿਰਦੇਸ਼
ਦੱਸ ਦਈਏ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਸਬੰਧੀ ਨਿਰਦੇਸ਼ ਦਿੱਤੇ ਹਨ। ਸ੍ਰੀ ਅਕਾਲ ਤਖਤ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ 18 ਜੁਲਾਈ, 2006 ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਉਸ ਵੇਲੇ ਇਹ ਮਤਾ ਪਾਸ ਕੀਤਾ ਗਿਆ ਸੀ। ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ ਦੇ ਹਸਤਾਖਰਾਂ ਹੇਠ ਪਾਸ ਇਸ ਮਤੇ ਨੂੰ ਅਕਾਲ ਤਖ਼ਤ ਦੇ ਨਿਰਦੇਸ਼ਾਂ ਅਨੁਸਾਰ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇ।
ਪੰਜ ਜਥੇਦਾਰਾਂ ਵੱਲੋਂ ਜਾਰੀ ਕੀਤੇ ਗਏ ਇਸ ਮਤੇ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨਾ ਤਾਂ ਕਿਸੇ ਦੇ ਪੱਖ ਤੇ ਨਾ ਹੀ ਕਿਸੇ ਦੇ ਖ਼ਿਲਾਫ਼ ਨਾਅਰੇ ਲਗਾਏ ਜਾਣ। ਇਸੇ ਤਰ੍ਹਾਂ ਪਰਿਕਰਮਾ ਵਿੱਚ ਮੀਡੀਆ ਵਾਲਿਆਂ ਨੂੰ ਕਿਸੇ ਵੀ ਗਰੁੱਪ ਜਾਂ ਪਾਰਟੀ ਨਾਲ ਸਬੰਧਤ ਵਿਅਕਤੀ ਦੀ ਇੰਟਰਵਿਊ, ਬਾਈਟ ਲੈਣ ਜਾਂ ਸਵਾਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਂਝ ਉਹ ਪਰਿਕਰਮਾ ਤੋਂ ਬਾਹਰ ਅਜਿਹਾ ਕਰ ਸਕਦੇ ਸਨ।
ਸ਼੍ਰੀ ਅਕਾਲ ਤਖ਼ਤ ਸਕੱਤਰੇਤ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਪੱਤਰ ਦੇ ਨਾਲ ਪੰਜ ਸਿੰਘ ਸਾਹਿਬਾਨ ਦੇ ਮਤੇ ਦੀ ਕਾਪੀ ਵੀ ਨੱਥੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਪੱਤਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੂੰ ਪ੍ਰੋਗਰਾਮ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਭੇਜ ਦਿੱਤਾ ਗਿਆ ਹੈ।