ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ 7 ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਤਿੰਨ ਦਿਨਾਂ ਵਿੱਚ ਹੀ ਜਾਂਚ ਕਰਕੇ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਕਰੇਗੀ। ਉਸ ਤੋਂ ਬਾਅਦ ਕਮੇਟੀ ਦੀ ਰਿਪੋਰਟ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਲਿਆ ਜਾਵੇਗਾ। ਇਸ ਕਮੇਟੀ ਵਿੱਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਭਗਵੰਤ ਸਿੰਘ ਸਿਆਲਕਾ, ਰਾਜਿੰਦਰ ਸਿੰਘ ਮਹਿਤਾ, ਨਿਰਮਲ ਸਿੰਘ ਚੀਫ ਖਾਲਸਾ ਦੀਵਾਨ, ਇੰਦਰਜੀਤ ਸਿੰਘ ਗੋਗੋਆਨੀ ਤੇ ਇੰਦਰਜੀਤ ਸਿੰਘ ਰੋਪੜ ਸ਼ਾਮਲ ਹਨ। ਇਸ ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਉਪ ਸਕੱਤਰ ਐਸਜੀਪੀਸੀ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਵੱਲੋਂ ਤੇ ਹੋਰ ਮੈਂਬਰਾਂ ਵੱਲੋਂ ਵੀ ਸ਼ਿਕਾਇਤਾਂ ਆਈਆ ਸਨ। ਇਸ ਕਰਕੇ ਇਹ ਕਮੇਟੀ ਬਣਾਈ ਗਈ ਹੈ। ਗਿਆਨੀ ਇਕਬਾਲ ਸਿੰਘ ਦੇ ਬੇਟੇ ਗੁਰਪ੍ਰਸਾਦਿ ਸਿੰਘ ਦੀ ਨਸ਼ੇ ਕਰਨ ਦੀ ਵੀਡੀਓ ਵਾਇਰਲ ਹੋਣ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਕਮੇਟੀ ਸਾਰੇ ਮਾਮਲਿਆਂ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਮੇਟੀ ਦੀ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਗਿਆਨੀ ਇਕਬਾਲ ਸਿੰਘ ਖ਼ੁਦ ਹੀ ਜਥੇਦਾਰ ਦੀਆਂ ਸੇਵਾਵਾਂ ਨਾ ਨਿਭਾਉਣ।