ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਮੁਸੀਬਤ, ਕਿਸਾਨ ਜਥੇਬੰਦੀਆਂ ਨਾਲ ਸਿੱਧਾ ਟਾਕਰਾ
ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਮੁਸੀਬਤ ਸਹੇੜ ਲਈ ਹੈ। ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਹੋਈ ਝੜਪ ਮਗਰੋਂ ਕਿਸਾਨ ਜਥੇਬੰਦੀਆਂ ਅਕਾਲੀ ਦਲ ਖਿਲਾਫ ਡਟ ਗਈਆਂ ਹਨ।
ਫ਼ਿਰੋਜ਼ਪੁਰ: ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਮੁਸੀਬਤ ਸਹੇੜ ਲਈ ਹੈ। ਲੋਕ ਸਭਾ ਮੈਂਬਰ ਹਰਸਿਮਰਤ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਹੋਈ ਝੜਪ ਮਗਰੋਂ ਕਿਸਾਨ ਜਥੇਬੰਦੀਆਂ ਅਕਾਲੀ ਦਲ ਖਿਲਾਫ ਡਟ ਗਈਆਂ ਹਨ। ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਨੇ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਮਾਨ (ਨੋਨੀ ਮਾਨ) ਤੇ ਉਸ ਦੀ ਫ਼ਾਰਚੂਨਰ ਗੱਡੀ ਦੇ ਡਰਾਈਵਰ ਗੁਰਵਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿੱਚ ਇਰਾਦਾ ਕਤਲ ਤੇ ਕੁਝ ਹੋਰ ਸੰਗੀਨ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਨੋਨੀ ਮਾਨ ਸਾਬਕਾ ਲੋਕ ਸਭਾ ਮੈਂਬਰ ਮਰਹੂਮ ਜ਼ੋਰਾ ਸਿੰਘ ਮਾਨ ਦੇ ਪੁੱਤਰ ਹਨ ਤੇ ਉਨ੍ਹਾਂ ਨੂੰ ਅਕਾਲੀ ਦਲ ਨੇ ਗੁਰੂਹਰਸਹਾਏ ਤੋਂ ਟਿਕਟ ਦਿੱਤੀ ਹੈ।
ਇਹ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਿਸਾਨ ਜਥੇਬੰਦੀ ਨੇ ਵੀਰਵਾਰ ਨੂੰ ਚੱਕਾ ਜਾਮ ਕਰਕੇ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਢਿੱਲ-ਮੱਠ ਵਰਤੀ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਫਿਰੋਜ਼ਪੁਰ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਅਕਾਲੀ ਆਗੂਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਤੇ ਉਸ ਦੇ ਡਰਾਈਵਰ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਹਾਲਾਂਕਿ ਐਫਆਈਆਰ ਵਿੱਚ ਇੱਕ ਹੋਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਜਤਿੰਦਰ ਸਿੰਘ ਜਿੰਦੂ ਦਾ ਮੁੱਖ ਮੁਲਜ਼ਮ ਵਜੋਂ ਜ਼ਿਕਰ ਨਹੀਂ ਕੀਤਾ ਗਿਆ ਹੈ ਤੇ ਕਿਸਾਨ ਮੰਗ ਕਰ ਰਹੇ ਹਨ ਕਿ ਇਸ ਐਫਆਈਆਰ ਵਿੱਚ ਤੁਰੰਤ ਸੁਧਾਰ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਕੋਲੋਂ ਕਿਸਾਨਾਂ ’ਤੇ ਗੋਲੀਆਂ ਚਲਾਉਣ ਲਈ ਵਰਤੇ ਗਏ ਹਥਿਆਰ ਬਰਾਮਦ ਕਰਨ ਦੀ ਮੰਗ ਕੀਤੀ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜਨਮੇਜਾ ਸਿੰਘ ਸੇਖੋਂ ਨੇ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸੰਘਰਸ਼ ਵਿੱਢਣ ਦਾ ਫ਼ੈਸਲਾ ਲਿਆ ਹੈ।