ਫ਼ਿਰੋਜ਼ਪੁਰ: ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪੁਲਿਸ ਨੇ ਕੇਸ ਦਰਜ ਕਰ ਦਿੱਤਾ ਹੈ। ਇਸ ਝਗੜੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਪੁਲਿਸ ਨੇ ਇਸ ਘਟਨਾ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤਕਰੀਬਨ 58 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ 50 ਵਿਅਕਤੀ ਅਣਪਛਾਤੇ ਹਨ।


ਹਾਲਾਂਕਿ, ਅਕਾਲੀ ਦਲ ਦਾ ਦਾਅਵਾ ਹੈ ਕਿ ਫ਼ਿਰੋਜ਼ਪੁਰ ਦੇ ਪਿੰਡ ਆਰਿਫਕੇ ਵਿੱਚ ਘਟਨਾ ਕਾਂਗਰਸ ਕਰਕੇ ਵਾਪਰੀ। ਉੱਥੇ ਹੀ ਹਸਪਤਾਲ ਵਿੱਚ ਜ਼ਖ਼ਮੀ ਪਏ ਬਲਜੀਤ ਨੇ ਅਕਾਲੀ ਆਗੂਆਂ 'ਤੇ ਹਮਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਝੰਡੇ ਫੜ ਕੇ ਅਕਾਲੀਆਂ ਵਿਰੁੱਧ ਰੋਸ ਪ੍ਰਗਟਾਅ ਰਹੇ ਸਨ ਤਾਂ ਅਕਾਲੀ ਵਰਕਰਾਂ ਨੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ।

ਅਕਾਲੀ ਲੀਡਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਮੀਟਿੰਗ ਲਈ ਜਾ ਰਹੇ ਸਨ ਤੇ ਕਾਂਗਰਸੀਆਂ ਨੇ ਉਨ੍ਹਾਂ ਨੂੰ ਘੇਰ ਕੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵੱਲੋਂ ਕਾਂਗਰਸ ਦਾ ਪੱਖ ਪੂਰਿਆ ਜਾ ਰਿਹਾ ਹੈ। ਬਰਾੜ ਨੇ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਵੀ ਸੌਂਪੀ ਤੇ ਪੱਖਪਾਤ ਰਹਿਤ ਚੋਣ ਮਾਹੌਲ ਮੁਹੱਈਆ ਕਰਵਾਉਣ ਦੀ ਮੰਗ ਕੀਤੀ।