ਲੁਧਿਆਣਾ: ਕਥਿਤ ਜਬਰ ਜਨਾਹ ਮਾਮਲੇ 'ਚ ਘਿਰੇ ਲੋਕ ਇਨਸਾਫ ਪਾਰਟੀ ਦੇ ਪ੍ਰਧਆਨ ਸਿਰਮਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵੱਲੋਂ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਆਗੂਆਂ ਦਾ ਪੁਲਿਸ ਨਾਲ ਟਕਰਾਅ ਵੀ ਹੋਇਆ ਤੇ ਜਿਸ ਤੋਂ ਬਾਅਦ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।



ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਦਾ ਇਲਜ਼ਾਮ ਲਾਉਂਦੇ ਹੋਏ ਅਕਾਲੀ ਦਲ ਵੱਲੋਂ ਅੱਜ ਕੋਚਰ ਮਾਰਕੀਟ, ਲੁਧਿਆਣਾ ਸਥਿਤ ਕੈਬਨਿਟ ਮੰਤਰੀ ਦੇ ਨਿਵਾਸ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਸੁਰੱਖਿਆ ਦ੍ਰਿਸ਼ਟੀ ਨਾਲ ਵੱਡੀ ਗਿਣਤੀ 'ਚ ਪੁਲਿਸ ਬਲ ਵੀ ਮੰਤਰੀ ਦੇ ਘਰ ਦੇ ਬਾਹਰ ਤਾਇਨਾਤ ਸੀ, ਜਿਨ੍ਹਾਂ ਦਾ ਅਕਾਲੀ ਵਰਕਰਾਂ ਦੇ ਨਾਲ ਟਕਰਾਅ ਹੋਇਆ ਅਤੇ ਬਾਅਦ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।

ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਕਰ ਰਹੇ ਸਨ। ਜਿਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਇਯਾਲੀ, ਹਰੀਸ਼ ਰਾਏ ਢਾਂਡਾ ਆਦਿ ਵੀ ਮੌਜੂਦ ਸਨ।

ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਬੈਂਸ ਦੀ ਗ੍ਰਿਫ਼ਤਾਰੀ ਨੂੰ ਕੈਬਨਿਟ ਮੰਤਰੀ ਵੱਲੋਂ ਰੋਕਿਆ ਜਾ ਰਿਹਾ ਹੈ। ਜਿੰਨ੍ਹਾਂ ਦੇ ਦਬਾਅ ਹੇਠ ਪੁਲੀਸ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਬੈਂਸ ਖ਼ਿਲਾਫ਼ ਕੇਸ ਦਰਜ ਹੋਣ ਵਿਚ ਰੁਕਾਵਟ ਪਾਈ ਗਈ ਅਤੇ ਜਦੋਂ ਉਨ੍ਹਾਂ ਨੇ ਅਦਾਲਤ ਰਾਹੀਂ ਕੇਸ ਦਰਜ ਕਰਵਾਇਆ ਤਾਂ ਹੁਣ ਗ੍ਰਿਫਤਾਰੀ ਵਿੱਚ ਅੜਚਣ ਪੈਦਾ ਕੀਤੀ ਜਾ ਰਹੀ ਹੈ।

ਲੇਕਿਨ ਉਹ ਹਾਰ ਨਹੀਂ ਮੰਨਣਗੇ ਅਤੇ ਪੀੜਤਾਂ ਨੂੰ ਇਨਸਾਫ ਦਿਵਾ ਕੇ ਰਹਿਣਗੇ। ਜਿਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਬੈਂਸ ਗ੍ਰਿਫਤਾਰੀ ਵਾਸਤੇ ਅਦਾਲਤ ਦਾ ਰੁਖ਼ ਕਰਨਾ ਪਿਆ ਅਤੇ ਉਹ ਵੀ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੀੜਤਾਂ ਦੇ ਹੱਕ ਵਿੱਚ ਕਾਨੂੰਨੀ ਲੜਾਈ ਜਾਰੀ ਰੱਖੇਗੀ।