ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ ‘ਤੇ ਮੋਦੀ ਸਰਕਾਰ ਨੂੰ ਦੇਸ਼ ਭਰ ‘ਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਰੀਆਂ ਵਿਰੋਧੀ ਧਿਰਾਂ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਹੁਣ ਬੀਜੇਪੀ ਦੀ ਪੁਰਾਣੀ ਸਾਥੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਸੀਏਏ ‘ਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿ ਚੁੱਕੇ ਹਨ ਕਿ ਇਹ ਤਾਂ ਸੰਭਵ ਨਹੀਂ।


ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਨੂੰਨ ਪੀੜਤ ਘੱਟ ਗਿਣਤੀ ਲੋਕਾਂ ਦੀ ਮਦਦ ਕਰੇਗਾ ਪਰ ਇਸ ‘ਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਸਾਡਾ ਦੇਸ਼ ਸੈਕੂਲਰ ਦੇਸ਼ ਹੈ ਜਿਸ ਲਿਹਾਜ਼ ਨਾਲ ਇੱਕ ਧਰਮ ਨੂੰ ਇਸ ਕਾਨੂੰਨ ਤੋਂ ਬਾਹਰ ਰੱਖਣਾ ਸਹੀ ਨਹੀਂ।

ਉਨ੍ਹਾਂ ਨੇ ਕਿਹਾ ਕਿ ਸਾਡਾ ਸੰਵਿਧਾਨ ਸੈਕੂਲਰ ਹੈ ਤੇ ਕਿਸੇ ਵੀ ਧਰਮ ਦੇ ਵਿਅਕਤੀ ਨਾਲ ਬੇਇਨਸਾਫੀ ਨਹੀਂ ਹੋਣੀ ਚਾਹੀਦੀ। ਜੋ ਲੋਕ ਆਪਣੇ ਦੇਸ਼ ‘ਚ ਪੀੜਤ ਹੋ ਰਹੇ ਹਨ, ਉਨ੍ਹਾਂ ਨੂੰ ਭਾਰਤ ਸਹਾਰਾ ਦੇਵੇਗਾ ਇਹ ਇੱਕ ਸ਼ਲਾਘਾਯੋਗ ਕਦਮ ਹੈ ਪਰ ਇਸ ‘ਚ ਮੁਸਲਮ ਭਾਈਚਾਰੇ ਦੇ ਲੋਕਾਂ ਨੂੰ ਸ਼ਾਮਲ ਨਾ ਕਰਨਾ ਠੀਕ ਨਹੀਂ।

ਇਸ ਦੇ ਨਾਲ ਹੀ ਅਕਾਲੀ ਦਲ ਨੇ ਇਸ ਕਾਨੂੰਨ ਦੇ ਵਿਰੋਧ ‘ਚ ਹੋ ਰਹੀ ਹਿੰਸਾ ਨੂੰ ਵੀ ਗਲਤ ਕਰਾਰ ਦਿੱਤਾ ਹੈ। ਦੱਸ ਦਈਏ ਕਿ ਅਕਾਲੀ ਦਲ ਨੇ ਲੋਕ ਸਭਾ ਤੇ ਰਾਜ ਸਭਾ ‘ਚ ਇਸ ਬਿੱਲ ਦਾ ਸਮਰੱਥਨ ਕੀਤਾ ਸੀ।