ਲੁਧਿਆਣਾ: ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਉੱਪਰ ਬਸਪਾ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕੀਤੀ ਗਈ ਟਿੱਪਣੀ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਵਫਦ ਸੀਨੀਅਰ ਅਕਾਲੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ। ਉਨ੍ਹਾਂ ਨੇ ਐਮਪੀ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।


ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੀ ਗਈ ਟਿੱਪਣੀ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਅਗਿਆਨਤਾ ਨੂੰ ਦਰਸਾਉਂਦੀ ਹੈ, ਜਿਹੜੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਮਪੀ ਵੀ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਬਿੱਟੂ ਖਿਲਾਫ ਪੁਲਿਸ ਵੱਲੋਂ ਐਸਸੀ/ਐਸਟੀ ਐਕਟ ਸਮੇਤ ਅਪਰਾਧਿਕ ਧਾਰਾਵਾਂ ਹੇਠ ਕੇਸ ਦਰਜ ਕਰਨਾ ਚਾਹੀਦਾ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਰੋਸ ਪ੍ਰਗਟਾਇਆ ਕਿ ਇੱਕ ਮੈਂਬਰ ਪਾਰਲੀਮੈਂਟ ਵੱਲੋਂ ਅਜਿਹੀ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਐਮਪੀ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


ਉੱਥੇ ਹੀ ਬਸਪਾ ਪੰਜਾਬ ਦੇ ਸਕੱਤਰ ਗੁਰਮੇਲ ਸਿੰਘ ਜੇਕੇ ਨੇ ਸਖਤ ਸ਼ਬਦਾਂ ਵਿਚ ਐਮਪੀ ਬਿੱਟੂ ਦੀ ਨਿੰਦਾ ਕੀਤੀ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਬਿੱਟੂ ਖ਼ਿਲਾਫ਼ ਕੇਸ ਦਰਜ ਨਾ ਹੋਇਆ ਤਾਂ ਬਹੁਜਨ ਸਮਾਜ ਪਾਰਟੀ ਸੜਕਾਂ ਤੇ ਉਤਰਨ ਲਈ ਮਜਬੂਰ ਹੋ ਜਾਵੇਗੀ।