ਅੰਮ੍ਰਿਤਸਰ: ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਰਦਾਸ ਕੀਤੀ ਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਨੁੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਨੂੰ ਮਾਤ ਪਾਉਣ ਲਈ ਸਿੱਖ ਕੌਮ ਨੁੰ ਤਾਕਤ ਬਖਸ਼ਣ।


ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਸੰਗਤ ਦੀ ਹਾਜ਼ਰੀ ਵਿਚ ਅਰਦਾਸ ਕੀਤੀ। ਇਸ ਮੌਕੇ ਸੂਬੇ ਦੇ ਸਾਰੇ ਹਿੱਸਿਆਂ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।


ਅਰਦਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾ ਰਹੀਆਂ ਹਨ ਤੇ ਇਸੇ ਵਾਸਤੇ 2014 ਦੇ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਨੁੰ ਸੁਪਰੀਮ ਕੋਰਟ ਵੱਲੋਂ ਮਾਨਤਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਦੋਵਾਂ ਖਾਲਸਾ ਮਾਰਚ ਵਿਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਈ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਿੱਖ ਕੌਮ ਕਦੇ ਵੀ ਇਹਨਾਂ ਸਾਜ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵੇਗੀ।


ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਤੇ ਹੋਰ ਰਾਜਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਸਰਹੱਦੀ ਸੂਬੇ ਅਤੇ ਇਸ ਦੇ ਲੋਕ ਦੀ ਸ਼ਾਂਤੀ ਭੰਗ ਨਾ ਕਰਨ ਜਿਹਨਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਹਮੇਸ਼ਾ ਅੱਗੇ ਹੋਕੇ ਕੰਮ ਕੀਤਾ ਹੈ ਤੇ ਦੇਸ਼ ਦੇ ਅਨਾਜ ਭੰਡਾਰ ਵਿਚ ਹਮੇਸ਼ਾ ਸਭ ਤੋਂ ਵੱਧ ਯੋਗਦਾਨ ਪਾਇਆ ਹੈ।


ਉਹਨਾਂ ਸਪਸ਼ਟ ਕੀਤਾ ਕਿ ਅਕਾਲੀ ਦਲ ਹਮੇਸ਼ਾ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਵਾਸਤੇ ਕੰਮ ਕਰਦਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਹੱਕਾਂ ਦੀ ਰਾਖੀ ਵਾਸਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਸਤੇ ਦ੍ਰਿੜ੍ਹ ਸੰਕਲਪ ਹੈ ਅਤੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਸਿੱਧੇ ਤੌਰ ’ਤੇ ਬੰਦ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਮੁੱਦਈ ਰਹੇ ਹਾਂ।


ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਜ਼ਿਸ਼ ਪ੍ਰਤੀ ਜਾਗਰੂਕ ਹੋਣ ਜਿਸਦਾ ਮਕਸਦ ਸਿੱਖਾਂ ਦੀ ਧਾਰਮਿਕ ਸੰਸਥਾ ਨੁੰ ਕਮਜ਼ੋਰ ਕਰਨਾ ਹੈ ਜੋ 102 ਸਾਲਾਂ ਤੋਂ ਸਿੱਖ ਗੁਰਧਾਮਾਂ ਦੀ ਸੇਵਾ ਸੰਭਾਲ ਕਰਦੀ ਆ ਰਹੀ ਹੈ ਜਦੋਂ ਤੋਂ ਇਹਨਾਂ ਗੁਰਧਾਮਾਂ ਨੂੰ ਮਹੰਤਾਂ ਦੇ ਚੁੰਗਲ ਵਿਚੋਂ ਆਜ਼ਾਦ ਕਰਵਾਇਆ ਗਿਆ ਸੀ। ਉਹਨਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਦੀ ਸਿਰਜਣ ਲਈ ਆਪਣੇ ਪੁਰਖ‌ਿਆਂ ਵੱਲੋਂ ਕੀਤੇ ਸੰਘਰਸ਼ ਨੂੰ ਅਜਾਈਂ ਨਹੀਂ ਦੇਣ ਜਾ ਸਕਦੇ ਤੇ ਅਸੀਂ ਇਸਦੇ ਵਿਲੱਖਣ ਸਰੂਪ ਦੀ ਰਾਖੀ ਵਾਸਤੇ ਹਮੇਸ਼ਾ ਸੰਘਰਸ਼ ਕਰਾਂਗੇ।


ਬਾਦਲ ਨੇ ਰੋਸ ਮਾਰਚ ਪ੍ਰਤੀ ਲਾਮਿਸਾਲ ਹੁੰਗਾਰੇ ਲਈ ਵੀ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸਤੋਂ ਸਪਸ਼ਟ ਹੈ ਕਿ ਸਿੱਖ ਕੌਮ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇ ਕੇ ਸਿੱਖ ਕੌਮ ਨੂੰ ਵੰਡਣ ਦੀਆਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਹੈ ਤੇ ਰੋਹ ਵਿਚ ਹੈ।


ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੋਵੇਂ ਰੋਸ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਕੀਤੀ।


ਲੱਖਾਂ ਪੰਜਾਬੀ ਇਸ ਰੋਸ ਮਾਰਚ ਦਾ ਹਿੱਸਾ ਬਣੇ ਤੇ ਰਾਹ ਵਿਚ ਲੋਕਾਂ ਨੇ ਵੱਖ ਵੱਖ ਥਾਵਾਂ ’ਤੇ ਕੇਸਰੀ ਨਿਸ਼ਾਨ ਸਾਹਿਬ ਲੈ ਕੇ ਪੰਥ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਸ਼੍ਰੋਮਣੀ ਕਮੇਟੀ ਨਾਲ ਹੋ ਰਹੇ ਅਨਿਆਂ ਵਾਸਤੇ ਕਾਲੇ ਝੰਡੇ ਵਿਖਾ ਕੇ ਇਕਜੁੱਟਤਾ ਪ੍ਰਗਟ ਕੀਤੀ। ਸੰਗਤ ਨੇ ’ਧਰਮ ’ਤੇ ਧੱਕਾ ਹੋਣ ਨਹੀਂ ਦੇਣਾ, ਦੇਗ ਤੇਗ ਫਤਿਹ ਤੇ ਪੰਥ ਕੀ ਜੀਤ’ ਵਰਗੇ ਨਾਅਰਿਆਂ ਨਾਲ ਆਕਾਸ਼ ਗੂੰਜਣ ਲਗਾ ਦਿੱਤਾ।