Anandpur Sahib: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਮਿਲਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਾਲੇ ਉਸ ਬਾਰੇ ਕੁਝ ਕਹਿਣਾ ਉਚਿਤ ਨਹੀਂ ਕਿਉਂਕਿ ਹਾਲੇ ਉਨ੍ਹਾਂ ਨੂੰ ਵਿਚਰਨ ਦਾ ਮੌਕਾ ਦੇਣਾ ਚਾਹੀਦਾ ਹੈ। ਕਿਸੇ ਨੂੰ ਇੰਨੀ ਕਾਹਲੀ ਨਹੀਂ ਕਰਨੀ ਚਾਹੀਦੀ। ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਦੀ ਜਗ੍ਹਾ ਦੂਸਰੇ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ।


ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਅੰਮ੍ਰਿਤਪਾਨ ਕਰਵਾਉਣ ਦੇ ਮੁੱਦੇ 'ਤੇ ਬੋਲਦਿਆਂ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਜੇਕਰ ਕੋਈ ਨੌਜਵਾਨ ਪੰਜਾਬੀ ਨੌਜਵਾਨਾਂ ਨੂੰ ਗੁਰੂ ਦੇ ਨਾਲ ਜੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਨਾਂ ਕਿਸੇ ਤੱਥ ਤੋਂ ਇਲਜ਼ਾਮਬਾਜ਼ੀ ਕਰਨੀ ਗ਼ਲਤ ਗੱਲ ਹੈ।


ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੂੰ ਖਾਲਿਸਤਾਨ ਦੇ ਮੁੱਦੇ 'ਤੇ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਦੁਬਈ ਦੇ ਰਹਿਣ ਵਾਲੇ ਅੰਮ੍ਰਿਤਪਾਲ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਇਸ਼ਾਰੇ ’ਤੇ ਪੰਜਾਬ ਵਿੱਚ ਮੁੜ ਖਾਲਿਸਤਾਨ ਦਾ ਮੁੱਦਾ ਭੜਕਾਉਣ ਲਈ ਭੇਜਿਆ ਗਿਆ ਹੈ।


ਦਰਅਸਲ ਇੱਕਦਮ ਚਰਚਾ ਵਿੱਚ ਆਏ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ।


ਇਹ ਵੀ ਪੜ੍ਹੋ: Punjab News: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੇ ਫਰਾਰ ਹੋਣ 'ਤੇ ਪੰਜਾਬ ਸਰਕਾਰ ਸਖਤ, ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ


ਦੱਸ ਦਈਏ ਕਿ ਮੋਗਾ ਦੇ ਪਿੰਡ ਰੋਡੇ ਵਿੱਚ ਕੁਝ ਦਿਨ ਪਹਿਲਾਂ 20 ਸਾਲਾਂ ਬਾਅਦ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਹੈ, ਜਿਸ ਨੂੰ ਕੇਂਦਰ ਤੇ ਰਾਜ ਦੀਆਂ ਖੁਫੀਆ ਏਜੰਸੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇੱਕ ਕੇਂਦਰੀ ਏਜੰਸੀ ਨੇ ਆਪਣੇ ਹੈੱਡਕੁਆਰਟਰ ਨੂੰ ਭੇਜੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਨਹੀਂ ਹੋ ਸਕਦੀ।


ਏਜੰਸੀਆਂ ਅੰਮ੍ਰਿਤਪਾਲ ਦੇ ਭਾਸ਼ਣ ਤੇ ਵਿਚਾਰਧਾਰਾ ਨੂੰ ਦੇਸ਼ ਦੀ ਅਖੰਡਤਾ ਨੂੰ ਪ੍ਰਭਾਵਿਤ ਕਰਨ ਵਾਲਾ ਮੰਨ ਰਹੀਆਂ ਹਨ। ਦੂਜੇ ਪਾਸੇ ਹਿੰਦੂ ਸੰਗਠਨਾਂ ਨੇ ਵੀ ਅੰਮ੍ਰਿਤਪਾਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਖਾਲਿਸਤਾਨੀ ਲਹਿਰ ਨੂੰ ਵਧਾਵਾ ਦੇ ਰਿਹਾ ਹੈ।