Sukhbir Badal Lok Sabha Elections: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਬਾਦਲ ਨੇ ਪਾਰਟੀ ਆਗੂਆਂ, ਜ਼ਿਲ੍ਹਾ ਪਾਰਟੀ ਪ੍ਰਧਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰਾਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ। ਪੱਤਰਕਾਰਾਂ ਵੱਲੋਂ ਪੱਛੇ ਗਏ ਸਵਾਲ ਦੇ ਜਵਾਬ 'ਚ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਉੱਥੇ ਹੀ ਦੂਜੇ ਪਾਸੇ ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਉਮੀਦ ਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਬਾਦਲ ਨੇ ਕਿਹਾ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ ਕਿਉਂਕਿ ਪਾਰਟੀ ਭਾਜਪਾ ਨਾਲ ਗਠਜੋੜ ਨਹੀਂ ਕਰ ਸਕੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।
ਸ਼੍ਰੋਮਣੀ ਅਕਾਲੀ ਦਲ ਨੇ ਹੁਣ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਤੰਬਰ 2020 ਵਿੱਚ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਨਾਲ ਸਬੰਧ ਤੋੜ ਲਏ ਸਨ। ਦੋਵਾਂ ਪਾਰਟੀਆਂ ਨੇ 1996 ਵਿੱਚ ਗਠਜੋੜ ਕੀਤਾ ਸੀ ਅਤੇ ਇਕੱਠੇ ਚੋਣ ਲੜਦੇ ਰਹੇ। 2019 ਵਿੱਚ, ਉਹਨਾਂ ਪੰਜਾਬ ਵਿੱਚ ਦੋ-ਦੋ ਲੋਕ ਸਭਾ ਸੀਟਾਂ ਜਿੱਤੀਆਂ।
ਇਸ ਤੋਂ ਪਹਿਲਾਂ 27 ਮਾਰਚ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਿਧਾਂਤਾਂ 'ਤੇ ਲੋਕ ਸਭਾ ਚੋਣਾਂ ਲੜ ਰਹੀ ਆਪਣੀ ਖੇਤਰੀ ਪਾਰਟੀ ਦਾ ਸਮਰਥਨ ਕਰਨ ਅਤੇ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰਨ।
ਅਕਾਲੀ ਦਲ ਦੇ ਪ੍ਰਧਾਨ ਨੇ 'ਪੰਜਾਬ ਬਚਾਓ ਯਾਤਰਾ' ਤਹਿਤ ਮਾਨਸਾ ਅਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਦਿਆਂ ਇਹ ਅਪੀਲ ਕੀਤੀ ਸੀ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਰੁੱਧ ਲੜ ਰਹੇ ਹਾਂ ਜਿਨ੍ਹਾਂ ਦਾ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਸੀ, ਸਿਰਫ਼ ਅਕਾਲੀ ਦਲ ਹੀ ਤੁਹਾਡੇ ਹੱਕਾਂ ਦੀ ਰਾਖੀ ਕਰ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ 'ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ 'ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।