Akali Dal Conflict: ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦਾ ਐਲਾਨ! ਸੀਨੀਅਰ ਲੀਡਰ ਇੱਕ ਜੁਲਾਈ ਨੂੰ ਕਰਨਗੇ ਫੈਸਲਾ
Punjab News: ਪੰਥਕ ਕਹਾਉਣ ਵਾਲੀ ਪਾਰਟੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਇੱਕ ਧੜੇ ਨੇ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ ਹੈ।
Akali Dal Conflict: ਲੋਕ ਸਭਾ ਚੋਣਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਭੂਚਾਲ ਆ ਗਿਆ ਹੈ। ਪੰਥਕ ਕਹਾਉਣ ਵਾਲੀ ਪਾਰਟੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਇੱਕ ਧੜੇ ਨੇ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੇ ਜਲੰਧਰ ਵਿਖੇ ਵੱਡੀ ਮੀਟਿੰਗ ਕਰਕੇ ਸੁਖਬੀਰ ਬਾਦਲ ਖਿਲਾਫ ਬਗਾਵਤ ਦਾ ਝੰਡਾ ਬੁਲੰਦ ਕਰ ਦਿੱਤਾ। ਮੀਟਿੰਗ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਦੂਜੇ ਪਾਸੇ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਉਕਤ ਆਗੂ ਗੈਰਹਾਜ਼ਰ ਰਹੇ। ਗੈਰ-ਹਾਜ਼ਰ ਆਗੂਆਂ ਨੇ ਜਲੰਧਰ ਵਿੱਚ ਵੱਖਰੀ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਐਸ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਕਈ ਸੀਨੀਅਰ ਲੀਡਰ ਹਾਜ਼ਰ ਸਨ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਸ ਗੱਲ 'ਤੇ ਗੰਭੀਰ ਚਰਚਾ ਹੋਈ ਕਿ ਅਕਾਲੀ ਦਲ ਇੰਨਾ ਕਮਜ਼ੋਰ ਕਿਉਂ ਹੋ ਗਿਆ ਹੈ। ਅੱਜ ਅਸੀਂ ਤਖਤ ਤੋਂ ਫਰਸ਼ 'ਤੇ ਆ ਗਏ ਹਾਂ। ਅੱਜ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ 'ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ।
ਚੰਦੂਮਾਜਰਾ ਨੇ ਕਿਹਾ ਕਿ 1 ਜੁਲਾਈ ਨੂੰ ਸਾਰੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ। ਉੱਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕੀਤੀ ਜਾਏਗੀ। ਇਸ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦੇ ਹਨ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਏ, ਸਗੋਂ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੋਟਿੰਗ ਤੋਂ ਬਾਅਦ ਫੈਸਲਾ ਲਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਬਦਲਣ ਦੀ ਮੰਗ ਉਠਾਈ ਗਈ ਸੀ। ਹੁਣ ਇਹ ਮਾਮਲਾ ਜ਼ੋਰ ਫੜ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਅਕਾਲੀ ਆਗੂਆਂ ਦੀ ਮੀਟਿੰਗ ਕਰੀਬ ਪੰਜ ਘੰਟੇ ਚੱਲੀ। ਆਗੂਆਂ ਨੇ ਕਿਹਾ ਕਿ 2017 ਤੋਂ 2024 ਤੱਕ ਅਕਾਲੀ ਦਲ ਦਾ ਪੱਧਰ ਬੇਹੱਦ ਡਿੱਗਿਆ ਹੈ, ਇਹ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਤਰੀਕ 'ਤੇ ਕੁਰਬਾਨੀ ਦੇ ਜਜ਼ਬੇ ਨੂੰ ਉੱਚਾ ਰੱਖਣ।
ਜਲੰਧਰ 'ਚ ਹੋਈ ਮੀਟਿੰਗ 'ਚ ਅਕਾਲੀ ਦਲ ਦੇ ਕਈ ਆਗੂ ਮੌਜੂਦ ਸਨ। ਇਨ੍ਹਾਂ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਗੁਰਪ੍ਰਤਾਪ ਵਡਾਲਾ, ਚਰਨਜੀਤ ਸਿੰਘ ਬਰਾੜ, ਹਰਿੰਦਰਪਾਲ ਸਿੰਘ ਟੌਹੜਾ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਪਰਮਿੰਦਰ ਸਿੰਘ ਢੀਂਡਸਾ, ਬਲਬੀਰ ਸਿੰਘ ਘੁਣਸ, ਰਣਧੀਰ ਸਿੰਘ ਰੱਖੜਾ, ਗਿਆਨੀ ਹਰਪ੍ਰੀਤ ਸਿੰਘ, ਸੁੱਚਾ ਸਿੰਘ ਛੋਟੇਪੁਰ, ਕਰਨੈਲ ਸਿੰਘ ਪੰਜੋਲੀ, ਸਰਵਨ ਸਿੰਘ ਫਿਲੌਰ ਆਦਿ ਦੇ ਨਾਂ ਸ਼ਾਮਲ ਹਨ।
ਉਧਰ, ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਸੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਮੀਟਿੰਗ ਵਿੱਚ ਬਾਦਲ ਨੇ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਅਕਾਲੀ ਦਲ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਪੰਥ ਤੇ ਪੰਜਾਬ ਨੂੰ ਆਗੂ ਰਹਿਤ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਜਾਂ ਤੋੜਨ ਦੀਆਂ ਕੋਸ਼ਿਸ਼ਾਂ ਪਿੱਛੇ ਭਾਜਪਾ ਤੇ ਏਜੰਸੀਆਂ ਦਾ ਹੱਥ ਹੈ।