Punjab News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ ’ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ 1984 ਵਿਚ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਹਮਲਾ ਚੇਤੇ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਿੱਖਾਂ ਵਿਚ ਰੋਸ ਹੈ ਤੇ ਉਹ ਇਸ ਘਿਨੌਣੀ ਹਰਕਤ ਵਾਸਤੇ ਨਿਆਂ ਮੰਗ ਰਹੀ ਹੈ।
ਬਾਦਲ ਨੇ ਕਿਹਾ ਕਿ ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ ਕਿ ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਉਹਨਾਂ ਦੇ ਨਜ਼ਦੀਕੀ ਮਿੱਤਰ ਤੇ ਨਿਹੰਗ ਸਿੰਘਾਂ ਦੇ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਆਗੂ ਦਾ ਕਬਜ਼ਾ ਕਰਵਾਇਆ ਜਾਵੇ। ਉਹਨਾਂ ਕਿਹਾਕਿ ਇਸ ਤੋਂ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਹੁਕਮ ਰਾਤ ਨੂੰ ਸ਼ਰਾਬੀ ਹਾਲਤ ਵਿਚ ਦਿੱਤੇ ਜਿਸ ਕਾਰਨ ਕਪੂਰਥਲਾ ਪੁਲਿਸ ਵੱਡੇ ਤੜਕੇ ਪੂਰੀ ਲੜਾਈ ਵਾਲੀ ਵਰਤੀ ਵਿੱਚ ਅਸਾਲਟ ਰਾਈਫਲਾਂ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ।
ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਸਿਰਫ ਸੀ ਬੀ ਆਈ ਜਾਂਚ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਸਕਦੀ ਹੈ ਤੇ ਇਸ ਮਾਮਲੇ ਵਿਚ ਮੁੱਖ ਮੰਤਰੀ ਅਤੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਕਤਲ ਕੇਸ ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀ ਕਾਰਵਾਈ ਦਾ ਮਕਸਦ ਨਿਹੰਗ ਸਿੰਘਾਂ ਦੇ ਇੱਕ ਧੜੇ ਦੀ ਮਦਦ ਕਰਨਾ ਸੀ। ਉਹਨਾਂ ਕਿਹਾ ਕਿ ਇਸੇ ਕਾਰਨ ਇਹ ਹਮਲਾ ਕੀਤਾ ਗਿਆ ਹਾਲਾਂਕਿ ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਕੋਈ ਮਾਮਲਾ ਨਹੀਂ ਸੀ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗੀ ਗੱਲ ਇਹ ਹੈ ਕਿ ਹਮਲਾ ਉਦੋਂ ਕੀਤਾ ਗਿਆ ਜਦੋਂ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਸੀ।
ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ ਤੇ ਪਥਪ੍ਰੀਤ ਸਿੰਘ ਵਰਗੇ ਅਖੌਤੀ ਪੰਥਕ ਆਗੂਆਂ ਦੇ ਨਾਲ-ਨਾਲ ਐਮ ਪੀ ਸਿਮਰਨਜੀਤ ਸਿੰਘ ਮਾਨ ਘਟਨਾ ਬਾਰੇ ਕਿਉਂ ਚੁੱਪ ਹਨ ? ਉਹਨਾਂ ਕਿਹਾ ਕਿ ਇਸ ਘਟਨਾ ਨੇ ਉਹਨਾਂ ਦੇ ਪੰਥ ਵਿਰੋਧੀ ਤਾਕਤਾਂ ਨਾਲ ਰਲੇ ਹੋਣ ਨੂੰ ਬੇਨਕਾਬ ਕਰ ਦਿੱਤਾ ਹੈ।