ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ਇੰਦਰ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ 'ਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ ਅਤੇ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਤਾਂ ਦੇਰੀ ਕਿਉਂ ਹੋ ਰਹੀ ਹੈ। ਇਸ ਦੌਰਾਨ ਗਰੇਵਾਲ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵੀ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਵੱਖ -ਵੱਖ ਸ਼ਹਿਰਾਂ ਦੇ ਮੁਲਾਜ਼ਮਾਂ ਨੂੰ ਹਾਲੇ ਤੱਕ ਤਨਖਾਹਾਂ ਨਹੀਂ ਮਿਲੀਆਂ। ਇਸ ਦੌਰਾਨ ਉਨ੍ਹਾਂ ਬੈਂਕਾਂ ਤੋਂ ਲਏ ਕਰਜ਼ੇ ਦਾ ਵੀ ਜ਼ਿਕਰ ਕੀਤਾ।   

 

ਉਧਰ ਐਸਵਾਈਐਲ 'ਤੇ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਸਟੈਂਡ ਸਪਸ਼ਟ ਕਰੇ ਕਿਹਾ ਕਿ ਅਕਾਲੀ ਦਲ ਨੇ ਅੱਗੇ ਲੜ ਕੇ ਲੜਾਈ ਲੜੀ ਸੀ ਅਤੇ ਐਸਵਾਈਐਲ ਨਹਿਰ ਨੂੰ ਬਣਨ ਤੋਂ ਰੋਕਿਆ ਸੀ। ਉਨ੍ਹਾਂ  ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ, ਜੋ ਕਿ ਦੂਸਰੇ ਸੂਬਿਆਂ ਨੂੰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਗੇ ਵਧ ਕੇ ਲੜਾਈ ਲੜੇਗਾ ਅਤੇ ਇੱਕ ਵੀ ਬੂੰਦ ਹਰਿਆਣਾ ਨੂੰ ਪਾਣੀ ਜਾਣ ਨਹੀਂ ਦਿੱਤਾ ਜਾਵੇਗਾ। 

 

ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਹਰਿਆਣਾ ਇਲੈਕਸ਼ਨ ਲਈ ਇਹ ਸਭ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜੋ ਪੰਜਾਬ ਦਾ ਨਾਗਰਿਕ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਲੀਮੈਂਟ ਤੋਂ ਬਾਅਦ ਜੇਕਰ ਇਹ ਰਾਜ ਸਭਾ ਵਿੱਚ ਪਾਸ ਹੋ ਜਾਂਦਾ ਹੈ ਤਾਂ ਫਿਰ ਇਸ ਦੇ ਨਤੀਜੇ ਭੁਗਤਣੇ ਪੈਣਗੇ, ਜਿਸ ਦੀ ਜ਼ਿੰਮੇਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਹੋਵੇਗੀ।

 

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਐਸਵਾਈਐਲ ਨਹਿਰ ਦੇ ਮੁੱਦੇ 'ਤੇ ਸਹਿਯੋਗ ਨਹੀਂ ਕਰ ਰਹੀ ਹੈ। ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨਹਿਰੀ ਪਾਣੀ 'ਤੇ ਸੂਬੇ ਦੇ ਦਾਅਵੇ ਨੂੰ ਦੁਹਰਾਇਆ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਗਿਆ ਸੀ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਆਯੋਜਿਤ ਕਰਨ ਅਤੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।