ਚੰਡੀਗੜ੍ਹ : ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਨੇ ਖ਼ਾਸ ਰਣਨੀਤੀ ਬਣਾਈ ਹੈ। ਅਕਾਲੀ ਦਲ  ਨੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਹੇਠਲੇ ਪੱਧਰ ਤੱਕ ਵਿਸਥਾਰ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁੱਚਾ ਸਿੰਘ ਲੰਗਾਹ ਨੂੰ ਸ਼ਾਮਲ ਕੀਤਾ ਗਿਆ  ਹੈ।           ਪ੍ਰੇਮ ਸਿੰਘ ਚੰਦੂਮਾਜਰਾ ਪਹਿਲਾਂ ਹੀ ਪਾਰਟੀ  ਦੇ ਯੂ ਪੀ ਮਾਮਲਿਆਂ ਦੇ ਇੰਚਾਰਜ ਹਨ। ਅਸਲ ਵਿੱਚ ਅਕਾਲੀ ਯੂ ਪੀ ਵਿੱਚ ਸਿੱਖਾਂ ਦੀ ਭਰਵੀਂ ਗਿਣਤੀ ਨੂੰ ਧਿਆਨ ਵਿੱਚ ਰੱਖ ਕੇ ਅਕਾਲੀ ਦਲ ਉਥੇ ਆਪਣੀ ਰਾਜਨੀਤਿਕ ਮੌਜੂਦਗੀ ਦਰਸਾਉਣਾ ਚਾਹੁੰਦਾ ਹੈ। ਇਸ ਦੇ ਲਈ ਪਾਰਟੀ ਨੇ ਯੂ ਪੀ ਵਿੱਚ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਲਵੰਤ ਸਿੰਘ ਰਾਮੂਵਾਲੀਆ ਨੂੰ ਜ਼ਿੰਮੇਵਾਰੀ ਦਿੱਤੀ ਸੀ।             ਪਰ ਰਾਮੂਵਾਲੀਆ ਨੇ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਆਪ ਹੀ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਕੇ ਕੈਬਨਿਟ ਮੰਤਰੀ ਦਾ ਅਹੁਦਾ ਹਾਸਲ ਕਰ ਲਿਆ। ਇਸ ਕਰ ਕੇ ਹੁਣ ਅਕਾਲੀ ਦਲ ਨੇ ਯੂ ਪੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।