ਅਕਾਲੀ ਦਲ ਨੂੰ ਜਾਗਿਆ ਕਿਸਾਨਾਂ ਦਾ ਹੇਜ
ਏਬੀਪੀ ਸਾਂਝਾ | 14 Jun 2018 07:42 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਤੈਅ ਕੀਤੇ ਸਮੇਂ ਤੋਂ ਪਹਿਲਾਂ ਲਵਾਈ ਕਰਨ ਵਾਲੇ ਉਨ੍ਹਾਂ ਕਿਸਾਨਾਂ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ ਜਿੰਨ੍ਹਾਂ ਦੀ ਨਵੀਂ ਬੀਜੀ ਫਸਲ ਸਰਕਾਰ ਦੇ ਹੁਕਮਾਂ ਮੁਤਾਬਕ ਵਾਹੀ ਜਾ ਰਹੀ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਜੋ ਵੀ ਕਿਸਾਨ 9815399333 ਨੰਬਰ 'ਤੇ ਉਨ੍ਹਾਂ ਨਾਲ ਸੰਪਰਕ ਕਰੇਗਾ ਅਕਾਲੀ ਦਲ ਫੌਰਨ ਮੌਕੇ 'ਤੇ ਪਹੁੰਚ ਕੇ ਉਸ ਕਿਸਾਨ ਦੀ ਫਸਲ ਤਬਾਹ ਹੋਣੋ ਬਚਾਏਗਾ। ਅੱਜ ਸਾਬਕਾ ਮਾਲ ਮੰਤਰੀ ਬਿਕਰਮਜੀਤ ਮਜੀਠੀਆ ਨੇ ਕਾਂਗਰਸ ਸਰਕਾਰ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਝੋਨੇ ਦੀ ਲਵਾਈ ਬਾਰੇ ਇਕ ਪਾਸੜ ਫੈਸਲਾ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਜ਼ਿਆਦਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਪਹਿਲਾਂ ਤੋਂ ਤੈਅ ਕੀਤੀ ਮਿਤੀ ਯਾਨੀ ਕਿ 10 ਜੂਨ ਤੋਂ ਬਾਅਦ ਜੇਕਰ ਝੋਨਾ ਲਾਇਆ ਜਾਂਦਾ ਹੈ ਤਾਂ ਉਸਦਾ ਝੋਨੇ ਦੇ ਝਾੜ 'ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਮਜੀਠੀਆ ਨੇ ਕੈਪਟਨ ਸਰਕਾਰ ਦੇ ਕਿਸਾਨ ਕਰਜ਼ ਮੁਕਤੀ ਦੇ ਮੁੱਖ ਚੋਣ ਵਾਅਦੇ ਨੂੰ ਪੂਰਾ ਨਾ ਕਰਨ ਕਰਕੇ ਕਰੜੇ ਹੱਥੀਂ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਤੈਅ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਕਾਰਨ ਸਰਕਾਰ ਵੱਲੋਂ ਕਿਸਾਨ ਦੀ ਫਸਲ ਵਾਹੇ ਜਾਣ ਨੂੰ ਗਲਤ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੇ ਬੀਤੇ ਦਿਨ ਪਏ ਮੀਂਹ ਦਾ ਲਾਹਾ ਲੈਂਦਿਆਂ ਫ਼ਸਲ ਪਾਲਣ ਲਈ ਬਿਜਲੀ ਤੇ ਪਾਣੀ ਦੀ ਖਪਤ ਘਟਾਉਣ ਲਈ ਇਹ ਕਦਮ ਚੁੱਕਿਆ ਸੀ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਫਸਲ ਤਬਾਹ ਕਰਨ ਦੀ ਬਜਾਏ ਨਰਮ ਰੁਖ਼ ਅਪਨਾਉਣਾ ਚਾਹੀਦਾ ਹੈ