ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ 'ਤੇ ਉਠਾਏ ਸਵਾਲ, ਵਿਧਾਨ ਸਭਾ ਇਜਲਾਸ ਨਾਲ ਪਏਗਾ ਖਜ਼ਾਨੇ 'ਤੇ ਬੋਝ
ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਪੁੱਛ ਸਕਦੇ ਹਨ ਕਿ ਆਖਰ ਕਿਸ ਵਜ੍ਹਾ ਕਰਕੇ ਵਿਧਾਨ ਸਭਾ ਸੈਸ਼ਨ ਬੁਲਾਉਣਾ ਹੈ। ਵਿਧਾਨ ਸਭਾ ਦੇ ਇਸ ਸੈਸ਼ਨ ਨਾਲ ਖ਼ਜ਼ਾਨੇ ਤੇ ਵਾਧੂ ਬੋਝ ਪਵੇਗਾ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਦੇ ਦਖਲ ਨੂੰ ਜਾਇਜ਼ ਠਹਿਰਾਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਇਸ ਨਾਲ ਖਜ਼ਾਨੇ 'ਤੇ ਬੋਝ ਪਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਗਵਰਨਰ ਪੁੱਛ ਸਕਦੇ ਹਨ ਕਿ ਆਖਰ ਕਿਸ ਵਜ੍ਹਾ ਕਰਕੇ ਵਿਧਾਨ ਸਭਾ ਸੈਸ਼ਨ ਬੁਲਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਖਜ਼ਾਨੇ 'ਤੇ ਬੋਝ ਪਵੇਗਾ, ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਦੁਬਾਰਾ ਸੈਸ਼ਨ ਨਾ ਬੁਲਾਇਆ ਜਾਵੇ ਇਸ ਨੂੰ ਲੈ ਕੇ ਗਵਰਨਰ ਚਿੰਤਤ ਹਨ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਸ ਸੈਸ਼ਨ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਹਾਕਮ ਧਿਰ ਵੱਲੋਂ ਇਜਲਾਸ ਦੌਰਾਨ ਭਾਵੇਂ ਜੀਐਸਟੀ, ਬਿਜਲੀ ਤੇ ਝੋਨੇ ਦੀ ਪਰਾਲੀ ਆਦਿ ਮੁੱਦਿਆਂ ’ਤੇ ਚਰਚਾ ਕਰਨ ਬਾਰੇ ਅਧਿਕਾਰਤ ਤਜਵੀਜ਼ ਤਿਆਰ ਕੀਤੀ ਗਈ ਹੈ, ਪਰ ਸਮਝਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ‘ਅਪਰੇਸ਼ਨ ਲੋਟਸ’ ਦੇ ਬਹਾਨੇ ਵਿਰੋਧੀ ਧਿਰ ਖਾਸ ਕਰ ਕੇ ਭਾਜਪਾ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਵਿੱਢੀ ਗਈ ਹੈ।
ਅੱਜ ਬੁਲਾਇਆ ਗਿਆ ਹੈ ਸੈਸ਼ਨ
ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਮੰਗਲਵਾਰ ਨੂੰ ਯਾਨੀ ਅੱਜ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ 'ਆਪ' ਸਰਕਾਰ ਵੱਲੋਂ ਪਰਾਲੀ ਸਾੜਨ, ਜੀਐਸਟੀ ਅਤੇ ਬਿਜਲੀ ਸਪਲਾਈ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ।ਇਸ ਦੇ ਨਾਲ ਹੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਵਿਰੋਧੀ ਧਿਰ ਨੇ ਰੇਤ ਦੀ ਨਾਜਾਇਜ਼ ਮਾਈਨਿੰਗ, ਐਸ.ਵਾਈ.ਐਲ ਅਤੇ ਕਾਨੂੰਨ ਵਿਵਸਥਾ ਵਰਗੇ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਭਗਵੰਤ ਮਾਨ ਸਰਕਾਰ ਨੇ ਰਾਜਪਾਲ ਨੂੰ ਸੂਚਿਤ ਕੀਤਾ ਸੀ ਕਿ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ 'ਚ ਪਰਾਲੀ ਸਾੜਨ, ਜੀਐੱਸਟੀ ਅਤੇ ਬਿਜਲੀ ਸਪਲਾਈ 'ਤੇ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਰਾਜਪਾਲ ਨੂੰ ਇਹ ਵੀ ਦੱਸਿਆ ਗਿਆ ਕਿ ਉਪਰੋਕਤ ਏਜੰਡੇ ਤੋਂ ਇਲਾਵਾ, ਮੈਂਬਰਾਂ ਤੋਂ ਪ੍ਰਾਪਤ ਨੋਟਿਸਾਂ ਅਨੁਸਾਰ ਵੱਖ-ਵੱਖ ਮੁੱਦਿਆਂ 'ਤੇ ਵੀ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਕਾਰਜ ਵਿਧੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਸੰਬੰਧਿਤ ਉਪਬੰਧਾਂ ਅਨੁਸਾਰ ਕੰਮ ਕੀਤਾ ਜਾ ਸਕਦਾ ਹੈ।