ਸਾਲ ਬਦਲਿਆ ਪਰ ਅਕਾਲੀ ਨਹੀਂ ! 2 ਦਸੰਬਰ ਵਾਲੇ ਫੈਸਲੇ ਲਾਗੂ ਕਰਵਾਉਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬਾਗ਼ੀ, ਜਥੇਦਾਰ ਕੋਲ ਰੱਖੀਆਂ ਮੰਗਾਂ, ਜਾਣੋ
ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਦੋਸ਼ਾਂ ਦੇ ਨਾਲ-ਨਾਲ ਤਖ਼ਤ ਦਾ ਫ਼ੈਸਲਾ ਨਾ ਮੰਨਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸਜ਼ਾਵਾਂ ਦਿੱਤੀਆਂ ਜਾਣ।
Amritsar News: ਸ਼੍ਰੋਮਣੀ ਅਕਾਲੀ ਦਲ ਦਾ ਕਲੇਸ਼ ਮੁੜ ਵਧ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਪਿਛਲੇ ਮਹੀਨੇ ਆਪਣੀ ਜਥੇਬੰਦੀ ਨੂੰ ਭੰਗ ਕਰਨ ਵਾਲੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਮੁੜ ਮੈਦਾਨ ਵਿੱਚ ਆ ਗਏ ਹਨ। ਬਾਗੀ ਧੜੇ ਦੇ ਮੈਂਬਰ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ।
ਉਨ੍ਹਾਂ 2 ਦਸੰਬਰ ਦੇ ਫੈਸਲਿਆਂ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੀ ਆਵਾਜ਼ ਬੁਲੰਦ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਮੈਂਬਰਾਂ ਨੇ ਆਪਣੇ ਮੰਗ ਪੱਤਰ ਵਿੱਚ ਤਿੰਨ ਮੁੱਦੇ ਉਠਾਏ। ਇਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਲਈ ਦਿੱਤੇ ਤਿੰਨ ਫੈਸਲਿਆਂ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਚੱਲ ਰਹੀ ਕਾਰਵਾਈ ਦਾ ਮੁੱਦਾ ਵੀ ਸ਼ਾਮਲ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਰੱਖੀਆਂ ਮੰਗਾਂ
ਅਕਾਲੀ ਦਲ ਸੁਧਾਰ ਲਹਿਰ ਦੀਆਂ ਤਿੰਨ ਮੰਗਾਂ ਵਿੱਚ ਪਹਿਲੀ ਇਹ ਹੈ ਕਿ 2 ਦਸੰਬਰ ਨੂੰ ਫੈਸਲਾ ਦਿੱਤਾ ਗਿਆ ਸੀ ਕਿ ਸੁਖਬੀਰ ਬਾਦਲ ਸਮੇਤ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਮਿਲੇ ਬਾਕੀ ਸਾਰੇ ਅਸਤੀਫੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰਿਪੋਰਟ ਦਿੱਤੀ ਜਾਵੇ ਪਰ ਅਜੇ ਤੱਕ ਇਹ ਫੈਸਲੇ ਲਾਗੂ ਨਹੀਂ ਹੋਏ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਦੋਸ਼ਾਂ ਦੇ ਨਾਲ-ਨਾਲ ਤਖ਼ਤ ਸਾਹਿਬ ਦਾ ਫ਼ੈਸਲਾ ਨਾ ਮੰਨਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਸਜ਼ਾਵਾਂ ਦਿੱਤੀਆਂ ਜਾਣ।
ਦੂਜੀ ਮੰਗ ਇਹ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਵਿੱਚ ਅਕਾਲੀ ਦਲ ਵਿੱਚ ਨਵੀਂ ਭਰਤੀ ਕਰਕੇ 6 ਮਹੀਨਿਆਂ ਵਿੱਚ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ ਪਰ ਅਜੇ ਤੱਕ ਅਜਿਹਾ ਕੁਝ ਨਹੀਂ ਹੋਇਆ।
ਇਸ ਦੇ ਨਾਲ ਹੀ ਬਾਗੀ ਲੀਡਰਾਂ ਨੇ ਮੰਗ ਉਠਾਈ ਕਿ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਗਲਤ ਬਿਆਨੀ ਕਰ ਰਹੇ ਹਨ ਕਿ ਜੇ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਜਾਂਦਾ ਹੈ ਜਾਂ ਨਵੀਂ ਭਰਤੀ ਕੀਤੀ ਜਾਂਦੀ ਹੈ ਤਾਂ ਸੰਵਿਧਾਨਕ ਪਾਬੰਦੀ ਲੱਗ ਜਾਏਗੀ। ਸੁਧਰ ਲਹਿਰ ਨੇ ਸਵਾਲ ਕੀਤਾ ਹੈ ਕਿ ਜਦੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੀਟਿੰਗ ਬੁਲਾਈ ਜਾਂਦੀ ਹੈ ਜਾਂ ਧਾਰਮਿਕ ਚੋਣਾਂ ਦੌਰਾਨ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਦੀ ਹੈ ਤਾਂ ਸੰਵਿਧਾਨਕ ਪਾਬੰਦੀ ਕਿਉਂ ਨਹੀਂ ਲੱਗਦੀ? ਇਹ ਸਾਰੀਆਂ ਗੱਲਾਂ ਗੁੰਮਰਾਹ ਕਰਨ ਲਈ ਹਨ।
ਇਸ ਦੇ ਨਾਲ ਹੀ ਮੁੱਦਾ ਉਠਾਇਆ ਹੈ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਲਤ ਤਰੀਕੇ ਨਾਲ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਨੂੰ ਤੁਰੰਤ ਰੱਦ ਕਰਕੇ ਇਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਵਾਈ ਜਾਵੇ। ਦਰਅਸਲ, ਜਾਂਚ ਕਮੇਟੀ ਦੇ ਮੁਖੀ ਰਘੂਜੀਤ ਸਿੰਘ ਵਿਰਕ ਹਨ, ਜਿਨ੍ਹਾਂ ਨੂੰ 2 ਦਸੰਬਰ ਨੂੰ ਸਾਰੇ ਅਕਾਲੀ ਆਗੂਆਂ ਸਮੇਤ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਕੋਲ ਜਥੇਦਾਰਾਂ ਦੀ ਪੜਤਾਲ ਕਰਨ ਦਾ ਅਧਿਕਾਰ ਖੇਤਰ ਨਹੀਂ।
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਵੀ ਜਥੇਦਾਰ ਨੂੰ ਮਿਲੇ। ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਕੀਤੇ ਗਏ ਹੁਕਮਾਂ ਅਤੇ ਫੈਸਲਿਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।