ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਵੱਲ ਧਿਆਨ ਖਿੱਚਣ ਲਈ ਮੰਗਲਵਾਰ ਤੋਂ 100 ਹਲਕਿਆਂ ਨੂੰ ਕਵਰ ਕਰਦੇ ਹੋਏ 100 ਦਿਨਾਂ ਦੀ ਯਾਤਰਾ ਕਰਨਗੇ। ਸਾਬਕਾ ਮੁੱਖ ਮੰਤਰੀ ਤੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਆਸ਼ੀਰਵਾਦ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਇਹ ਯਾਤਰਾ ਜ਼ੀਰਾ ਤੋਂ ਸ਼ੁਰੂ ਕੀਤੀ।


ਦੱਸ ਦਈਏ ਕਿ ਸੁਖਬੀਰ ਨੇ ਕਾਂਗਰਸ ਤੇ 'ਆਪ' ਦੋਵਾਂ ਵਿਰੁੱਧ ਦੋਸ਼ ਪੱਤਰ ਜਾਰੀ ਕੀਤੇ ਹਨ। ਬੀਤੇ ਦਿਨੀਂ ਪਾਰਟੀ ਦੀ ਮੁਹਿੰਮ 'ਗੱਲ ਪੰਜਾਬ ਦੀ' ਸ਼ੁਰੂ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਹ ਆਪਣੀ 100 ਦਿਨਾਂ ਯਾਤਰਾ ਦੌਰਾਨ 700 ਜਨ ਸਭਾਵਾਂ ਕਰਨਗੇ ਤੇ ਸਮਾਜ ਦੇ ਹਰ ਵਰਗ ਨੂੰ ਸੰਬੋਧਨ ਕਰਨਗੇ।


ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯਾਤਰਾ ਦੇ ਦੋ ਮੁੱਖ ਉਦੇਸ਼ ਸੀ। ਸਭ ਤੋਂ ਪਹਿਲਾਂ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਭ੍ਰਿਸ਼ਟ ਕੰਮਾਂ ਬਾਰੇ ਜਾਣੂ ਕਰਵਾਉਣਾ। ਦੂਸਰਾ ਲੋਕਾਂ ਤੋਂ ਫੀਡਬੈਕ ਇਕੱਠਾ ਕਰਨਾ ਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦੇਣਾ ਕਿ ਉਹ ਅਕਾਲੀ-ਬਸਪਾ ਸਰਕਾਰ ਤੋਂ ਕੀ ਉਮੀਦ ਕਰ ਸਕਦੇ ਹਨ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੁਖਬੀਰ ਨੇ ਕਿਹਾ ਕਿ ਲੋਕ 96878 96878 'ਤੇ ਮਿਸ ਕਾਲ ਦੇ ਕੇ ਭ੍ਰਿਸ਼ਟਾਚਾਰ ਵਿਰੁੱਧ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਮਵਾਰ ਨੂੰ ਇੱਕ ਵੈਬਸਾਈਟ www.GallPunjabDi.in ਵੀ ਲਾਂਚ ਕੀਤੀ।


ਦੱਸ ਦੇਈਏ ਕਿ ਸੁਖਬੀਰ ਬਾਦਲ ਲਗਾਤਾਰ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੰਮਕਾਜ 'ਤੇ ਸਵਾਲ ਉਠਾ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦਾ ਹਿਸਾਬ ਮੰਗ ਰਹੇ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਕੈਪਟਨ ਸਰਕਾਰ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੰਮਕਾਜ 'ਤੇ ਚਾਰਜਸ਼ੀਟ ਜਾਰੀ ਕੀਤੀ। ਇਸ ਵਿੱਚ ਇਨ੍ਹਾਂ ਦੋਵਾਂ ਸਰਕਾਰਾਂ 'ਤੇ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਧੋਖਾ ਕੀਤਾ ਹੈ। ਇਸ ਚਾਰਜਸ਼ੀਟ ਵਿੱਚ ਸੂਚੀਬੱਧ ਤਰੀਕੇ ਨਾਲ ਵਾਅਦਿਆਂ ਤੇ ਕੰਮਾਂ ਦਾ ਜ਼ਿਕਰ ਕੀਤਾ ਗਿਆ ਹੈ।


ਉਨ੍ਹਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਹ ਚਾਰਜਸ਼ੀਟ ਲੋਕਾਂ ਤੱਕ ਪਹੁੰਚਾਈ ਜਾਵੇਗੀ, ਤਾਂ ਜੋ ਉਹ ਵੀ ਵੇਖ ਸਕਣ ਕਿ ਪੰਜਾਬ ਦੀ ਕਾਂਗਰਸ ਸਰਕਾਰ ਝੂਠੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 3 ਸਿਆਸੀ ਲੋਕਾਂ ਨੇ ਮੇਰੇ ਸਿਆਸੀ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਗੁਟਕਾ ਸਾਹਿਬ ਫੜ ਕੇ ਝੂਠੀ ਸਹੁੰ ਚੁੱਕੀ। ਇੱਕ ਹੋਰ ਵਿਅਕਤੀ ਭਗਵੰਤ ਮਾਨ, ਜਿਸ ਨੇ ਆਪਣੀ ਮਾਂ ਦੀ ਝੂਠੀ ਸਹੁੰ ਖਾ ਕੇ ਨਸ਼ੇ ਛੱਡਣ ਬਾਰੇ ਕਿਹਾ ਸੀ। ਤੀਜਾ ਵਿਅਕਤੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਆਪਣੇ ਪੁੱਤਰ ਦੇ ਸਿਰ 'ਤੇ ਹੱਥ ਰੱਖ ਕੇ ਸਹੁੰ ਖਾਧੀ, ਤੇ ਕਿਹਾ ਕਿ ਮੈਂ ਕਦੇ ਵੀ ਕਾਂਗਰਸ ਨਾਲ ਸਰਕਾਰ ਨਹੀਂ ਬਣਾਵਾਂਗਾ।


ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਦੇ ਪੰਜ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ੀ ਹਨ। ਸੁਖਬੀਰ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਐਸਸੀ ਸਕਾਲਰਸ਼ਿਪ ਘੁਟਾਲੇ, ਸੁਖਜਿੰਦਰ ਰੰਧਾਵਾ ਬੀਜ ਘੁਟਾਲੇ, ਬਲਬੀਰ ਸਿੱਧੂ ਕੋਵਿਡ ਖਰੀਦ ਤੇ ਨਸ਼ਾ ਛੁਡਾਉ ਘੁਟਾਲੇ, ਕਣਕ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਤੇ ਜੇਸੀਟੀ ਜ਼ਮੀਨ ਘੁਟਾਲਾ ਵਿੱਚ ਸ਼ਿਆਮ ਸੁੰਦਰ ਅਰੋੜਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਮਰਿੰਦਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ।


ਇਹ ਵੀ ਪੜ੍ਹੋ: Bank Holidays: ਇਸ ਹਫਤੇ ਪੰਜ ਦਿਨ ਬੰਦ ਰਹਿਣਗੇ ਬੈਂਕ, ਸਮੇਂ ਸਿਰ ਕਰ ਲਓ ਜ਼ਰੂਰੀ ਕੰਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904