ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਫੋਨ ਟੈਪ ਕਰਵਾ ਕੇ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਪਾਰਟੀ ਨੇ ਦੋਸ਼ੀਆਂ ਨੂੰ ਫੜਣ ਲਈ ਵੀ ਇੱਕ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਫੋਨ ਟੈਪ ਕਰਵਾ ਕੇ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਪਾਰਟੀ ਨੇ ਦੋਸ਼ੀਆਂ ਨੂੰ ਫੜਣ ਲਈ ਵੀ ਇੱਕ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਅਫਸੋਸ ਜਤਾਇਆ ਕਿ ਕਾਂਗਰਸੀ ਵਿਧਾਇਕਾਂ ਨੇ ਕੱਲ੍ਹ ਪਟਿਆਲਾ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਆਪਣੀ ਸਰਕਾਰ 'ਤੇ ਉਨ੍ਹਾਂ ਦੇ ਫੋਨ ਟੈਪ ਕਰਨ ਦਾ ਇਲਜ਼ਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਤਾਂ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇੱਥੋਂ ਤਕ ਪੁੱਛਿਆ ਸੀ ਕਿ ਕੀ ਉਨ੍ਹਾਂ ਦੇ ਫੋਨ ਸੂਬਾ ਸਰਕਾਰ ਦੇ ਇਸ਼ਾਰੇ 'ਤੇ ਟੈਪ ਕੀਤੇ ਜਾ ਰਹੇ ਹਨ, ਪਰ ਕਾਂਗਰਸੀ ਮੰਤਰੀ ਨੇ ਇਸ ਬਾਰੇ ਕੋਈ ਵੀ ਸਪੱਸ਼ਟੀਕਰਨ ਦੇਣ ਤੋਂ ਇਨਕਾਰ ਕਰ ਦਿੱਤਾ।
ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਮੁੱਦੇ ਦਾ ਗੰਭੀਰ ਨੋਟਿਸ ਲੈਂਦਾ ਹੈ ਤੇ ਵਿਧਾਨ ਸਭਾ ਸਪੀਕਰ ਨੂੰ ਅਪੀਲ ਕਰਦਾ ਹੈ ਕਿ ਉਹ ਵੀ ਇਸ ਦਾ ਨੋਟਿਸ ਲੈਣ ਤੇ ਵਿਧਾਇਕਾਂ ਦੀ ਨਿੱਜਤਾ ਦੀ ਰਾਖੀ ਕਰਨ, ਜਿਸ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਸ਼ੁਰੂ ਕਰਨ ਤੋਂ ਸਪੀਕਰ ਨੂੰ ਇਨ੍ਹਾਂ ਵਿਧਾਇਕਾਂ ਨੂੰ ਸੱਦ ਕੇ ਉਨ੍ਹਾਂ ਦੇ ਬਿਆਨ ਰਿਕਾਰਡ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਨੇ ਸਰਕਾਰੀ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ 'ਤੇ ਉਸ ਦਾ ਫੋਨ ਟੈਪ ਕਰਨ ਦਾ ਇਲਜ਼ਾਮ ਲਾਇਆ ਹੈ, ਇਸ ਮਾਮਲੇ ਦੀ ਵੱਖਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਹਰਕਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਾਂਗਰਸ ਸਰਕਾਰ ਨੂੰ ਵੀ ਸਪੱਸ਼ਟ ਕਰਨ ਲਈ ਆਖਿਆ ਕਿ ਕੀ ਜਿਨ੍ਹਾਂ ਵਿਧਾਇਕਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ, ਉਨ੍ਹਾਂ ਦੇ ਕਿਸੇ ਅਪਰਾਧਿਕ ਮਾਮਲੇ ਵਿੱਚ ਸ਼ਾਮਿਲ ਹੋਣ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ? ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਵਿਧਾਇਕਾਂ ਦੇ ਫੋਨ ਟੈਪ ਕਰਨ ਸੰਬੰਧੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ ਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਹਨਾਂ ਵਿਧਾਇਕਾਂ ਦੇ ਫੋਨ ਕਿਉਂ ਟੈਪ ਕੀਤੇ ਜਾ ਰਹੇ ਹਨ?