Amritpal Singh Arrested: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਕ੍ਰਿਆ ਆਈ ਹੈ। ਅਕਾਲੀ ਦਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਕਾਨੂੰਨ ਅਨੁਸਾਰ ਹੀ ਕੰਮ ਕਰਨਾ ਚਾਹੀਦਾ ਹੈ। ਸੀਨੀਅਰ ਅਕਾਲੀ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪੈਰਾਮਿਲਟਰੀ ਲਾ ਕੇ ਸੂਬੇ ਨੂੰ ਬਦਨਾਮ ਕੀਤਾ ਗਿਆ ਹੈ।


ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਉਹ ਹੁਣ ਉਸ ਨੇ ਸਿਰੰਡਰ ਕਰ ਦਿੱਤਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਹੁਣ ਬੇਕਸੂਰ ਨੌਜਵਾਨਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਤੇ ਕਾਨੂੰਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਸਹੀ ਹੈ, ਕਾਨੂੰਨ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ।


ਇਸ ਮਾਮਲੇ ਵਿੱਚ ਪੁਲਿਸ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਾਇਆ ਗਿਆ। ਇਸ ਵਿੱਚ ਕੇਂਦਰ ਸਰਕਾਰ ਦੇ ਨਾਲ ਹੀ ਪੰਜਾਬ ਸਰਕਾਰ ਦਾ ਵੀ ਕਸੂਰ ਹੈ। ਉਨ੍ਹਾਂ ਇੰਨੀ ਵੱਡੀ ਪੈਰਾਮੀਟਰ ਲਾ ਕੇ ਇਹ ਸਭ ਕੁਝ ਕੀਤਾ ਗਿਆ, ਜਿਸ ਕਾਰਨ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ ਤੇ ਸਾਰੇ ਪੰਜਾਬ ਵਾਸੀ ਇਸ ਗੱਲੋਂ ਚਿੰਤਤ ਹਨ। ਉਨ੍ਹਾਂ ਕਿਹਾਕ ਕਿ ਜੇਕਰ ਪੁਲਿਸ ਨੇ ਸਹੀ ਢੰਗ ਨਾਲ ਕੰਮ ਕੀਤਾ ਹੁੰਦਾ ਤਾਂ ਇਹ ਗ੍ਰਿਫਤਾਰੀ ਪਹਿਲਾਂ ਵੀ ਹੋ ਸਕਦੀ ਸੀ। ਇਸ ਲਈ ਇੰਨਾ ਪਾਖੰਡ ਕਰਨ ਦੀ ਕੀ ਲੋੜ ਸੀ। ਹੁਣ ਗ੍ਰਿਫਤਾਰੀ ਸ਼ਾਂਤੀਪੂਰਵਕ ਹੋਈ ਹੈ।