ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਵੈਕਸੀਨ ਵੇਚੇ ਜਾਣ ਦੇ ਕਥਿਤ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਕਾਂਗਰਸ ਤੇ ਹਮਲਾਵਰ ਹੈ। ਅੱਜ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤੇ ਵਿਰੋਧ ਪ੍ਰਦਰਸ਼ਨ ਕੀਤਾ।ਇਸ ਦੌਰਾਨ ਪੁਲਿਸ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈ ਲਿਆ। ਅਕਾਲੀ ਦਲ ਕਥਿਤ ਘੁਟਾਲੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕਰ ਰਿਹਾ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ।
ਇਸ ਤੋਂ ਪਹਿਲਾਂ ਮੁਹਾਲੀ ਵਿੱਚ ਸਿਹਤ ਮੰਤਰੀ ਦੇ ਘਰ ਨੂੰ ਘੇਰਿਆ ਗਿਆ ਸੀ। ਤਦ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਚੇਤਾਵਨੀ ਦਿੱਤੀ ਸੀ ਕਿ ਜੇ ਬਲਬੀਰ ਸਿੱਧੂ ਨੂੰ ਤੁਰੰਤ ਮੁੱਖ ਮੰਤਰੀ ਵੱਲੋਂ ਬਰਖਾਸਤ ਨਾ ਕੀਤਾ ਗਿਆ ਤਾਂ ਅਕਾਲੀ ਦਲ 15 ਜੂਨ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ। ਮੰਗਲਵਾਰ ਨੂੰ ਅਕਾਲੀਆਂ ਨੇ ਬਲਬੀਰ ਸਿੱਧੂ ਦੇ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਸਿਸਵਾਂ ਵਿੱਚ ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੇ ਘੁਟਾਲੇ ਵੇਖੇ ਹਨ ਪਰ ਉਨ੍ਹਾਂ ਨੇ ਕੋਰੋਨਾ ਟੀਕਾ ਨੂੰ ਲੈ ਕੇ ਕੀਤੇ ਵੀ ਘੁਟਾਲੇ ਨੂੰ ਕਦੇ ਨਹੀਂ ਵੇਖਿਆ। ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਮ ਦੇ ਅੱਗੋਂ ਕੈਪਟਨ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਫਤ ਟੀਕੇ ਲਗਾ ਰਹੀ ਹੈ। ਜਦੋਂਕਿ ਸਰਕਾਰ ਮੁਨਾਫਾ ਕਮਾ ਰਹੀ ਹੈ।
ਉਨ੍ਹਾਂ ਕਿਹਾ ਕਿ ਐਸਜੀਪੀਸੀ ਨੇ ਕੋਵਿਡ ਕਾਲ ਦੌਰਾਨ 200 ਡਾਕਟਰਾਂ ਤੇ 150 ਨਰਸਾਂ ਰੱਖ ਕੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਮੰਤਰੀ ਨੇ ਪਹਿਲਾਂ ਫਤਿਹ ਕਿੱਟਾਂ ਦਾ ਘੁਟਾਲਾ ਕੀਤਾ। ਜਿਹੜੀ ਕੰਪਨੀ ਨੂੰ ਇਹ ਚੀਜ਼ਾਂ ਬਣਾਉਣ ਦੇ ਆਦੇਸ਼ ਦਿੱਤੇ ਗਏ ਸਨ, ਉਨ੍ਹਾਂ ਕੋਲ ਫਤਿਹ ਕਿੱਟਾਂ ਬਣਾਉਣ ਦਾ ਲਾਇਸੈਂਸ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਦੇ ਅੰਕੜਿਆਂ ਬਾਰੇ ਗਲਤ ਤੱਥ ਪੇਸ਼ ਕੀਤੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ