'ਆਪ' ਦੇ ਕੈਬਨਿਟ ਵਿਸਥਾਰ 'ਤੇ ਅਕਾਲੀ ਦਲ ਦਾ ਵੱਡਾ ਬਿਆਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਏਗਾ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ ਹੋਏਗਾ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਹੁਣ ਪੰਜ ਵਿਧਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ 5 ਵਜੇ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਤੈਅ ਕੀਤਾ ਗਿਆ ਹੈ।ਇਸ 'ਤੇ ਸ੍ਰੋਮਣੀ ਅਕਾਲੀ ਦਲ ਨੇ ਇਸ 'ਤੇ ਚੁਟਕੀ ਲਈ ਹੈ।
ਅਕਾਲੀ ਦਲ ਨੇ ਟਵੀਟ ਕਰਕੇ ਕਿਹਾ ਕਿ,"ਮੰਤਰੀ ਮੰਡਲ ਦੇ ਵਿਸਥਾਰ ਦਾ ਸਮਾਂ ਮੀਡੀਆ ਅਤੇ ਜਨਤਾ ਦਾ ਧਿਆਨ ਬੇਅਦਬੀ ਮੁੱਦੇ 'ਤੇ ਵੱਡੀ ਸ਼ਰਮ ਅਤੇ ਤੋਂ ਬੱਚਣ ਲਈ ਤੈਅ ਕੀਤਾ ਗਿਆ ਹੈ, ਜਿਸ ਵਿੱਚ ਉਹਨਾਂ ਦਾ ਝੂਠ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ।"
The timing of cabinet expansion is designed to take media and public attention away from @BhagwantMann and @AamAadmiParty 's huge embarrassment and shame on the be-adbi issue in which their falsehood stands completely exposed.
— Shiromani Akali Dal (@Akali_Dal_) July 3, 2022
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਰਿਪੋਰਟ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ। 2021 ਵਿੱਚ ਆਈ. ਪੀ. ਐਸ ਅਧਿਕਾਰੀ ਸੁਰਿੰਦਰ ਪਾਲ ਪਰਮਾਰ ਦੀ ਅਗਵਾਈ ਹੇਠ ਬਣਾਈ ਗਈ ਐਸ. ਆਈ. ਟੀ ਵੱਲੋਂ ਇਹ ਰਿਪੋਰਟ ਤਿਆਰ ਕੀਤੀ ਗਈ ਹੈ।ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਸਾਰੀਆਂ ਘਟਨਾਵਾਂ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਇਸ ਦੇ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।ਰਿਪੋਰਟ ਮੁਤਾਬਿਕ ਕੋਈ ਸਿਆਸੀ ਸ਼ਮੂਲੀਅਤ ਨਹੀਂ।
ਇਸ ਰਿਪੋਰਟ ਅੰਦਰ 2015 'ਚ ਹੋਈ ਬੇਅਦਬੀ ਤੋਂ ਲੈ ਕੇ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਪਾਸੋਂ ਕੀਤੀ ਗਈ ਪੁੱਛਗਿੱਛ ਸਬੰਧੀ ਸਮੁੱਚੀ ਕਰਵਾਈ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਇਸ ਰਿਪੋਰਟ ਬਾਬਤ ਸਿੱਖ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਨੇ ਏਬੀਪੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਰਿਪੋਰਟ ਸੌਂਪੀ ਗਈ ਹੈ। ਜਿਸ ਵਿੱਚ ਬਰਗਾੜੀ ਮਾਮਲੇ 'ਚ ਕੀਤੀ ਗਈ ਜਾਂਚ ਦਾ ਵੇਰਵਾ ਹੈ। ਦੱਸ ਦੇਈਏ ਕਿ ਇਸ ਰਿਪੋਰਟ 'ਚ ਸੁਨਾਰੀਆ ਜੇਲ੍ਹ ਵਿਖੇ ਸੌਦਾ ਸਾਧ ਤੋਂ ਕੀਤੀ ਗਈ ਪੁੱਛਗਿੱਛ ਦਾ ਵੇਰਵਾ ਤਫ਼ਸੀਲ ਸਹਿਤ ਦੱਸਿਆ ਗਿਆ।
ਇਹ 5 ਵਿਧਾਇਕ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਲਈ ਸਹੁੰ ਚੁੱਕ ਸਕਦੇ ਹਨ
- ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
- ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ
- ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ
- ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ
- ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ
ਇਸ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਦਿੱਲੀ ਵਿੱਚ ਸੀਐਮ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਹੋਈ ਮੀਟਿੰਗ ਵਿੱਚ ਕਥਿਤ ਤੌਰ ’ਤੇ ਚਰਚਾ ਹੋਈ। ਸੂਤਰਾਂ ਦਾ ਕਹਿਣਾ ਹੈ ਕਿ ਤਿੰਨ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਲੋਕਾਂ ਦੇ ਨਾਵਾਂ 'ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਬੈਠਕ 'ਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਹੋਏ।
ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋਣਗੇ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।