ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਦਾ ਇੱਕ ਉੱਚ ਪੱਧਰੀ ਵਫ਼ਦ ਕੱਲ੍ਹ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ। ਇਹ ਵਫ਼ਦ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕਰੇਗਾ।


ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਅਕਾਲੀ-ਭਾਜਪਾ ਵਫਦ ਰਾਜਪਾਲ ਨੂੰ ਮੈਮੋਰੰਡਮ ਸੌਂਪੇਗਾ। ਇਸ ਵਫ਼ਦ ਵਿੱਚ ਸਾਂਸਦ, ਵਿਧਾਇਕ ਤੇ ਸੀਨੀਅਰ ਅਹੁਦੇਦਾਰ ਸ਼ਾਮਲ ਹੋਣਗੇ।

ਚੀਮਾ ਨੇ ਕਿਹਾ ਕਿ ਵਫਦ ਰਾਜਪਾਲ ਦੇ ਧਿਆਨ ਵਿੱਚ ਇਹ ਗੱਲ ਲਿਆਵੇਗਾ ਕਿ ਹਾਈਕੋਰਟ ਨੇ ਖਹਿਰਾ ਨੂੰ ਹੇਠਲੀ ਅਦਾਲਤ ਵੱਲੋਂ ਕੌਮਾਂਤਰੀ ਨਸ਼ਾ ਤੇ ਹਥਿਆਰ ਤਸਕਰੀ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਤਲਬ ਕੀਤੇ ਜਾਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ ਉੱਤੇ ਜ਼ੋਰ ਦਿਆਂਗੇ ਕਿ ਇੱਕ ਨਸ਼ਾ ਤਸਕਰੀ ਦੇ ਮੁਲਜ਼ਮ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵਜੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।