Punjab Politics: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫਾ ਦੇਣ ਮਗਰੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਜਿਹੜੀਆਂ ਚਰਚਾਵਾਂ ਚੱਲ ਰਹੀਆਂ ਸਨ ਸ਼ੁੱਕਰਵਾਰ ਨੂੰ ਉਨ੍ਹਾਂ ਤੇ ਪੂਰੀ ਤਰ੍ਹਾਂ ਨਾਲ ਉਦੋਂ ਵਿਰਾਮ ਲੱਗ ਗਿਆ ਜਦੋਂ ਉਨ੍ਹਾਂ ਨੇ ਰਸਮੀ ਤੌਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ। 


ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ।  ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ। 


ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸਤ ਵਿੱਚ ਪ੍ਰਵੇਸ਼ ਕੀਤਾ ਸੀ। 1999 ਵਿੱਚ ਬਾਦਲ ਟੌਹੜਾ ਦੇ ਵਿਵਾਦ ਸਮੇਂ ਸਰਬ ਹਿੰਦ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਬਣਾਇਆ ਗਿਆ ਅਤੇ ਉਨ੍ਹਾਂ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਹਮਾਇਤ ਕੀਤੀ ਗਈ ਅਤੇ ਬਾਅਦ ਵਿਚ ਬਾਦਲ ਟੌਹੜਾ ਵਿੱਚ ਸਮਝੌਤਾ ਹੋਣ ਤੇ ਯੂਥ ਅਕਾਲੀ ਜਲ ਦੇ ਜਨਰਲ ਸਕੱਤਰ, ਮੁੱਖ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਔਹੁਦਿਆਂ ਤੇ ਵਿੱਚ ਇਸ ਸਮੇਂ ਸੁਖਵਿੰਦਰਪਾਲ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵਜੋਂ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਸਨ। 


ਗਰਚਾ ਦੀ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਚੰਗੇ ਅਕਸ ਕਾਰਨ ਨੌਜਵਾਨਾਂ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਵਿੰਦਰਪਾਲ ਸਿੰਘ ਗਰਚਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਸੂਬੇ ਦੀ ਬਿਹਤਰੀ ਲਈ ਇੱਕ ਪਰਿਵਾਰ ਵਾਂਗ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਲਈ ਅੱਜ ਚੰਗੇ ਅਕਸ ਵਾਲੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਦੇ ਇੱਛੁਕ ਹਨ, ਇਸ ਨਾਲ ਪਾਰਟੀ ਮਜ਼ਬੂਤ ​​ਹੋ ਰਹੀ ਹੈ। 


ਉਨ੍ਹਾਂ ਕਿਹਾ ਕਿ ਸੁਖਵਿੰਦਰਪਾਲ ਸਿੰਘ ਗਰਚਾ ਦੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਮੇਂ ਤੋਂ ਹੀ ਇਕੱਠੇ ਕੰਮ ਕਰਦਿਆਂ ਭਾਜਪਾ ਲੀਡਰਸ਼ਿਪ ਨਾਲ ਚੰਗੇ ਦੋਸਤਾਨਾ ਸਬੰਧ ਰਹੇ ਹਨ, ਜਿਸ ਕਰਕੇ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਦਾ ਮਨ ਪਹਿਲਾਂ ਹੀ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਰਿਹਾ ਹੈ। ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਪੂਰਾ ਸਨਮਾਨ ਮਿਲੇਗਾ। ਪੰਜਾਬ ਦੀ ਮਜ਼ਬੂਤੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਨਗੇ। ਭਾਰਤੀ ਜਨਤਾ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਸਤਿਕਾਰ ਮਿਲਦਾ ਹੈ।