ਗੁਰਦਾਸਪੁਰ: ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਪਿੰਡ ਦੇ ਹੀ ਕੁਝ ਲੋਕਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਦਲਬੀਰ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਹੁਣ ਬਟਾਲਾ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਤੋਂ ਬਾਅਦ ਮੁਲਜ਼ਮਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਗੁਰਦਾਸਪੁਰ ਜ਼ਿਲ੍ਹੇ ਦੇ ਢਿੱਲਵਾਂ ਪਿੰਡ 'ਚ ਸੋਮਵਾਰ ਦੀ ਸ਼ਾਮ ਨੂੰ ਦੋ ਵਾਰ ਸਰਪੰਚ ਰਹਿ ਚੁੱਕੇ ਤੇ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਨੂੰ ਗੋਲੀ ਮਾਰ ਦਿੱਤੀ ਗਈ। ਦਲਬੀਰ ਸਿੰਘ ਢਿੱਲਵਾਂ ਨੂੰ ਗੋਲੀ ਮਾਰਨ ਤੋਂ ਬਾਅਦ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਦਿਆਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ।

ਪੁਲਿਸ ਨੇ ਸੱਤ ਲੋਕਾਂ ਖਿਲਾਫ ਧਾਰਾ 320 ਆਈਪੀਸੀ (ਕਤਲ) ਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਬਲਵਿੰਦਰ ਸਿੰਘ, ਮੇਜਰ ਸਿੰਘ ਤੇ ਮਨਦੀਪ ਸਿੰਘ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਇਹ ਕੇਸ ਬਟਾਲਾ ਪੁਲਿਸ ਜ਼ਿਲ੍ਹੇ ਦੇ ਕੋਟਲੀ ਸੂਰਤ ਮੱਲ੍ਹੀ ਥਾਣੇ ਅਧੀਨ ਆਉਂਦਾ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੇ ਮਾਝਾ (ਯੂਥ ਵਿੰਗ) ਦੇ ਇੰਚਾਰਜ ਰਵੀ ਕਰਨ ਕਾਹਲੋਂ ਸਣੇ ਅਕਾਲੀ ਦਲ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਇਹ ਕਤਲ "ਕਾਂਗਰਸੀ ਕਾਰਕੁਨਾਂ" ਦਾ ਕੰਮ ਸੀ।

ਉਧਰ, ਬਟਾਲਾ ਦੇ ਐਸਐਸਪੀ ਓਪਿੰਦਰਜੀਤ ਸਿੰਘ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਜੁਰਮ ਕਿਸੇ ਪਲਾਨਿੰਗ ਵਾਲਾ ਨਹੀਂ ਸੀ ਤੇ ਉਸੇ ਸਮੇਂ ਹੋਏ ਕਿਸੇ ਵਿਵਾਦ ਤੋਂ ਬਾਅਦ ਕੀਤਾ ਗਿਆ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਮ੍ਰਿਤਕ ਦੀਆਂ ਲੱਤਾਂ ਕੱਟੀਆਂ ਗਈਆਂ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਇਹ ਇਹ ਵੇਖਣ ਲਈ ਕੀਤਾ ਕਿ ਉਹ ਮਰ ਗਿਆ ਹੈ। ਐਸਐਸਪੀ ਨੇ ਕਿਹਾ ਕਿ ਦੋਸ਼ੀਆਂ ਦਾ ਪਤਾ ਲਾਉਣ ਲਈ ਪੰਜ ਟੀਮਾਂ ਦਾ ਗਠਨ ਕੀਤਾ ਹੈ।