ਖੁਫੀਆ ਏਜੰਸੀਆਂ ਦੀ ਰਿਪੋਰਟ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਚੌਕਸ ਰਹਿਣ ਦਾ ਹੁਕਮ ਦਿੱਤਾ ਹੈ। ਕੈਪਟਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਹੱਦ ਪਾਰ ਤਾਕਤਾਂ ਦੀ ਸਹਾਇਤਾ ਨਾਲ ਕੱਟੜਪੰਥੀਆਂ ਵੱਲੋਂ ਸੂਬੇ ਦਾ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਦੀਵਾਲੀ ਮੌਕੇ ਪੁਲਿਸ ਨੂੰ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਮੁੱਖ ਮੰਤਰੀ ਨੂੰ ਤਾਜ਼ਾ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਫੌਜ ਮੁਖੀ ਤੇ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਨੂੰ ਤਾਜ਼ਾ ਘਟਨਾਵਾਂ ਨਾਲ ਜੋੜ ਕੇ ਸਥਿਤੀ ਬਿਆਨ ਕੀਤੀ ਹੈ। ਇਸ ਮਗਰੋਂ ਕੈਪਟਨ ਨੇ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਆਦਿ ਤੇ ਹੋਰ ਅਹਿਮ ਥਾਵਾਂ ’ਤੇ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ।