Republic Day: ਗਣਤੰਤਰ ਦਿਵਸ 'ਤੇ ਪੰਜਾਬ 'ਚ ਪੁਲਿਸ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਸੂਬੇ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀ/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਰੋਹ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਹਨ।


ਸਰਹੱਦਾਂ ਨੂੰ ਕੀਤਾ ਸੀਲ, ਲੋਕਾਂ ਨੂੰ ਅਪੀਲ


ਡੀਜੀਪੀ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਚੀਜ਼ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਡੀਜੀਪੀ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਹੈਲਪਲਾਈਨ ਨੰਬਰ 112 ਜਾਂ 181 'ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ।


ਅਧਿਕਾਰੀਆਂ ਨੂੰ ਹਿਦਾਇਤਾਂ


ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿਖੇ ਡੇਰੇ ਲਾਏ ਹੋਏ ਹਨ। ਸ਼ੁਕਲਾ ਨੇ ਦੱਸਿਆ ਕਿ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ।


ਜਲੰਧਰ ਵਿੱਚ ਗਵਰਨਰ ਲਹਿਰਾਉਣਗੇ ਝੰਡਾ


ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।