Punjab Election: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨੀਵਾਰ ਨੂੰ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ ਕਾਂਗਰਸ ਨੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਸੀਟ ਤੋਂ ਟਿਕਟ ਦਿੱਤੀ ਗਈ ਹੈ।


ਸਿਰਫ ਇੰਨਾ ਹੀ ਨਹੀਂ ਕੁਝ ਸਮਾਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਚੋਣ ਲੜਨਗੇ। ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ਦੀ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਅਤੇ ਉਨ੍ਹਾਂ ਦੀ ਥਾਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਅਬੋਹਰ ਵਿਧਾਨ ਸਭਾ ਸੀਟ ਤੋਂ ਚੋਣ ਲੜੇਗਾ।


ਜਾਣੋ ਚੰਨੀ ਕੈਬਨਿਟ ਦਾ ਕਿਹੜਾ ਮੰਤਰੀ ਕਿੱਥੋਂ ਲੜ ਰਿਹਾ ਹੈ ਚੋਣ


ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਅਤੇ ਓਮ ਪ੍ਰਕਾਸ਼ ਸੋਨੀ ਨੂੰ ਅੰਮ੍ਰਿਤਸਰ ਕੇਂਦਰੀ ਤੋਂ ਟਿਕਟ ਦਿੱਤੀ ਹੈ। ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰਾ ਚੋਣ ਨਹੀਂ ਲੜਨਗੇ ਅਤੇ ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪੁੱਤਰ ਮੋਹਿਤ ਮਹਿੰਦਰਾ ਪਟਿਆਲਾ ਦਿਹਾਤੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਬਠਿੰਡਾ ਸ਼ਹਿਰੀ ਤੋਂ ਮਨਪ੍ਰੀਤ ਸਿੰਘ ਬਾਦਲ, ਸੰਗਰੂਰ ਤੋਂ ਵਿਜੇ ਇੰਦਰ ਸਿੰਗਲਾ, ਮਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ ਅਤੇ ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।


ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ, ਤ੍ਰਿਪਤ ਰਜਿੰਦਰ ਬਾਜਵਾ ਫਤਿਹਗੜ੍ਹ ਚੂੜੀਆਂ ਤੋਂ, ਰਣਦੀਪ ਸਿੰਘ ਨਾਭਾ ਅਮਲੋਹ ਤੋਂ, ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਅਤੇ ਪ੍ਰਗਟ ਸਿੰਘ ਜਲੰਧਰ ਛਾਉਣੀ ਤੋਂ ਚੋਣ ਲੜਨਗੇ। ਉੜਮਾਰ ਤੋਂ ਸੰਗਤ ਸਿੰਘ ਗਿਲਜੀਆਂ, ਅੰਮ੍ਰਿਤਸਰ ਪੱਛਮੀ-ਐਸਸੀ ਤੋਂ ਰਾਜ ਕੁਮਾਰ ਵੇਰਕਾ, ਰਾਜਾਸਾਂਸੀ ਤੋਂ ਸੁਖਬਿੰਦਰ ਸਰਕਾਰੀਆ, ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਲਹਿਰਾਗਾਗਾ ਤੋਂ ਸਾਬਕਾ ਉਪ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਟਿਕਟ ਦਿੱਤੀ ਗਈ ਹੈ।



ਇਹ ਵੀ ਪੜ੍ਹੋ: Punjab Election 2022: ਟਿਕਟ ਕੱਟੇ ਜਾਣ ਤੋਂ ਨਾਰਾਜ਼ ਮੋਗਾ ਦੇ ਕਾਂਗਰਸੀ ਵਿਧਾਇਕ ਭਾਜਪਾ 'ਚ ਸ਼ਾਮਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904