Amritsar News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉੱਪਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ। 

Continues below advertisement



ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ  ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ। 


ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤਾਂ ਪੁਲਿਸ ਅੱਗੇ ਆਤਮ-ਸਮਰਪਣ ਕਰ ਦੇਵੇ ਤੇ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਦੇਵੇ। 


ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ ਇਸ ਵੇਲੇ ਸਮੁੱਚੀ ਦੁਨੀਆਂ ਦੇ ਸਿੱਖਾਂ ਲਈ ਵੱਡਾ ਸਵਾਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ਇਸ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਤੇ ਜੇਕਰ ਅੰਮ੍ਰਿਤਪਾਲ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ ਤਾਂ ਉਸ ਨੂੰ ਆਤਮ-ਸਮਰਪਣ ਕਰਕੇ ਇਸ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।