ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਬੁਲਾਈ ਸਰਬ ਪਾਰਟੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਨੂੰ ਛੱਡ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੇ ਕੇਂਦਰੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।


ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਕਸੂਤੀ ਜਾਪ ਰਹੀ ਸੀ। ਇਕ ਪਾਸੇ ਸੁਖਬੀਰ ਬਾਦਲ ਨੇ ਕਿਹਾ ਉਹ ਕਿਸਾਨਾਂ ਲਈ ਕੁਰਬਾਨੀ ਦੇਣ ਲਈ ਤਿਆਰ ਹਨ ਤੇ ਦੂਜੇ ਪਾਸੇ ਕੇਂਦਰੀ ਆਰਡੀਨੈਂਸਾਂ ਦਾ ਸਪਸ਼ਟ ਤੌਰ 'ਤੇ ਵਿਰੋਧ ਵੀ ਨਹੀਂ ਕੀਤਾ। ਵੀਡੀਓ ਕਾਨਫਰੰਸ ਜ਼ਰੀਏ ਕਰੀਬ ਸਾਡੇ ਚਾਰ ਘੰਟੇ ਚੱਲੀ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ।


ਮੀਟਿੰਗ ਦੌਰਾਨ ਆਰਡੀਨੈਂਸ ਰੱਦ ਕਰਨ ਅਤੇ ਸਮੂਹ ਪਾਰਟੀਆਂ ਦੇ ਸਾਂਝੇ ਵਫ਼ਦ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦਾ ਮਤਾ ਪਾਸ ਕੀਤਾ ਗਿਆ। ਕੇਂਦਰੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਮਤਾ ਪਾਸ ਕੀਤਾ ਗਿਆ ਜਿਸ ’ਤੇ ਅਕਾਲੀ-ਬੀਜੇਪੀ ਤੋਂ ਬਿਨਾਂ ਸਭ ਨੇ ਧਿਰਾਂ ਨੇ ਮੋਹਰ ਲਗਾ ਦਿੱਤੀ ਹੈ।



ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਨੇ ਕਿਸਾਨਾਂ ਨਾਲ ਖੜ੍ਹਨ ਲਈ ਕਿਹਾ ਪਰ ਅਕਾਲੀ-ਬੀਜੇਪੀ ਨੇ ਹਾਂ 'ਚ ਹਾਂ ਨਹੀਂ ਮਿਲਾਈ। ਉਨ੍ਹਾਂ ਕਿਹਾ ਅਕਾਲੀ ਦਲ ਦੋਗਲੀਆਂ ਗੱਲਾਂ ਕਰ ਰਿਹਾ ਹੈ। ਦੋ ਬੇੜੀਆਂ 'ਚ ਸਵਾਰ ਅਕਾਲੀ ਦਲ ਨੂੰ ਇਕ ਪਾਸੇ ਕੁਰਸੀ ਪਿਆਰੀ ਹੈ ਤੇ ਦੂਜੇ ਪਾਸੇ ਲੋਕਾਂ ਦਾ ਡਰ ਸਤਾ ਰਿਹਾ ਹੈ। ਜਾਖੜ ਨੇ ਮੀਟਿੰਗ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਵੀ ਚੁੱਕੀ। ਮੀਟਿੰਗ ਚ ਤੇਲ ਕੀਮਤਾਂ ਵਿੱਚ 12 ਫੀਸਦੀ ਵਾਧੇ ਦਾ ਮਾਮਲਾ ਵੀ ਚੁੱਕਿਆ ਗਿਆ।


ਸੁਖਬੀਰ ਬਾਦਲ ਨੇ ਆਰਡੀਨੈਂਸ ਵਿਰੋਧੀ ਮਤੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕਿਹਾ ਕੇਂਦਰ ਤੋਂ ਸਾਰੇ ਨੁਕਤਿਆਂ ਬਾਰੇ ਲਿਖਤੀ ਸਪੱਸ਼ਟੀਕਰਨ ਮੰਗਿਆ ਜਾ ਸਕਦਾ ਹੈ। ਸਾਂਝਾ ਪੱਤਰ ਲਿਖ ਕੇ ਸਰਕਾਰੀ ਭਾਅ ਦੇ ਖਾਤਮੇ ਦੀ ਸਚਾਈ ਬਾਰੇ ਪੁੱਛਿਆ ਜਾ ਸਕਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿਹਾ ਅਜਿਹੇ ਸਵਾਲ ਪੁੱਛਣ ਵਾਲੇ ਕਿਸੇ ਵੀ ਦਸਤਾਵੇਜ਼ ’ਤੇ ਅਕਾਲੀ ਦਲ ਮੋਹਰ ਲਾਉਣ ਨੂੰ ਤਿਆਰ ਹੈ। ਸੰਸਦ ਵਿਚ ਵੀ ਇਨ੍ਹਾਂ ਆਰਡੀਨੈਂਸਾਂ 'ਤੇ ਚਰਚਾ ਕਰਨ ਲਈ ਤਿਆਰ ਹੈ। ਸੁਖਬੀਰ ਨੇ ਪੰਜਾਬ 'ਚ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ 'ਤੇ ਚਰਚਾ ਲਈ ਵੀ ਸਰਬ ਪਾਰਟੀ ਮੀਟਿੰਗ ਸੱਦਣ ਲਈ ਕਿਹਾ।


ਆਮ ਆਦਮੀ ਪਾਰਟੀ ਨੇ ਵੀ ਮਤੇ ਦੀ ਹਮਾਇਤ ਕੀਤੀ। 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਅਕਾਲੀ ਦਲ 'ਤੇ ਸਵਾਲ ਦਾਗਿਆ ਕਿ ਪਹਿਲਾਂ ਉਹ ਆਪਣਾ ਸਟੈਂਡ ਸਪੱਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਹਨ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਨਹੀਂ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐੱਮਐੱਸਪੀ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਬਾਰੇ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਪ੍ਰਮੁੱਖ ਰਾਜਸੀ ਧਿਰਾਂ ਨੇ ਮਤਾ ਪਾਸ ਕੀਤਾ ਹੈ ਕਿ ਲੋਕ ਹਿੱਤ ਵਿਚ ਕੇਂਦਰ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ।


ਇਹ ਵੀ ਪੜ੍ਹੋ:

ਕੋਰੋਨਾ ਨੇ ਮਚਾਈ ਤਬਾਹੀ, ਪੰਜ ਲੱਖ ਦੇ ਕਰੀਬ ਮੌਤਾਂ

ਕੋਰੋਨਾ ਵਾਇਰਸ ਪੌਜ਼ੇਟਿਵ 70 ਮਰੀਜ਼ ਲਾਪਤਾ, ਪੁਲਿਸ ਭਾਲ 'ਚ ਜੁੱਟੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ