ਅਮਨ ਅਰੋੜਾ ਨੇ ਡੀਜੀਪੀ ਪ੍ਰਬੋਧ ਕੁਮਾਰ ਨਾਲ ਲਾਇਆ ਮੱਥਾ
ਏਬੀਪੀ ਸਾਂਝਾ | 04 Sep 2019 12:40 PM (IST)
ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਮਿਲ ਕੇ ਪੰਜਾਬ ਦੇ ਡੀਜੀਪੀ ਪ੍ਰਬੋਧ ਕੁਮਾਰ ਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਖ਼ਿਲਾਫ਼ ਪੰਜਾਬ ਵਿਧਾਨ ਸਭਾ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੇ ਹਨਨ ਤੇ ਮਾਣਹਾਨੀ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਤੇ ਕਾਰਜ ਸੰਚਾਲਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।
ਚੰਡੀਗੜ੍ਹ: ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਮਿਲ ਕੇ ਪੰਜਾਬ ਦੇ ਡੀਜੀਪੀ ਪ੍ਰਬੋਧ ਕੁਮਾਰ ਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਖ਼ਿਲਾਫ਼ ਪੰਜਾਬ ਵਿਧਾਨ ਸਭਾ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੇ ਹਨਨ ਤੇ ਮਾਣਹਾਨੀ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਤੇ ਕਾਰਜ ਸੰਚਾਲਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਅਰੋੜਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਕਰਨ ਲਈ ਸੱਦੇ ਗਏ ਵਿਸ਼ੇਸ਼ ਸੈਸ਼ਨ ਦੌਰਾਨ, ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨਾਂ ਕੇਸਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲੀਕਾਂਡ ਨਾਲ ਸਬੰਧਤ ਸਾਰੇ ਕੇਸਾਂ ਨੂੰ ਸੀਬੀਆਈ ਤੋਂ ਵਾਪਸ ਲੈਣ ਦੇ ਮਤੇ ਪਾਸ ਕੀਤੇ ਸਨ ਪਰ ਡੀਜੀਪੀ ਪ੍ਰਬੋਧ ਕੁਮਾਰ ਨੇ ਸੀਬੀਆਈ ਨੂੰ ਪੱਤਰ ਲਿਖ ਕੇ ਕੁਝ ਨਵੇਂ ਤੱਥਾਂ ਦੀ ਨਵੇਂ ਸਿਰਿਓਂ ਜਾਂਚ ਕਰਨ ਲਈ ਲਿਖਿਆ ਹੈ, ਜੋ ਪੰਜਾਬ ਵਿਧਾਨ ਸਭਾ ਸਦਨ ਦੇ ਵਿਸ਼ੇਸ਼ ਅਧਿਕਾਰ ਹਨਨ ਤੇ ਮਾਣਹਾਨੀ ਦਾ ਅਤਿ ਸੰਵੇਦਨਸ਼ੀਲ ਤੇ ਗੰਭੀਰ ਮਾਮਲਾ ਬਣਦਾ ਹੈ। ਇਸ ਲਈ ਡੀਜੀਪੀ ਪ੍ਰਬੋਧ ਕੁਮਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਅਰੋੜਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਵਿਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਜਾਗਦੀ ਆਸ ਨਾਲ ਸੰਘਰਸ਼ ਕਰਦੇ ਰਹਿਣ ਦੀ ਵਚਨਬੱਧਤਾ ਦੁਹਰਾਈ ਹੈ।