Punjab News: ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪਾਰਟੀ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।






ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ 'ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ 'ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ 'ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।



ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹਿੰਦੂ-ਸਿੱਖਾਂ ਦੇ ਸੁਮੇਲ ਦਾ ਅਮਲ ਅਪਣਾਇਆ ਹੈ। ਇਸ ਵਿੱਚ ਭਗਵੰਤ ਮਾਨ ਸਿੱਖ ਚਿਹਰੇ ਵਜੋਂ ਮੁੱਖ ਮੰਤਰੀ ਹੋਣਗੇ। ਉੱਥੇ ਹੀ ਹਿੰਦੂ ਚਿਹਰੇ ਅਮਨ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਹੈ। ਪਹਿਲਾਂ ਕਾਂਗਰਸ ਇਸ ਫਾਰਮੂਲੇ 'ਤੇ ਕੰਮ ਕਰਦੀ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਵਿੱਚ ਮੁੱਖ ਮੰਤਰੀ ਸਨ ਤਾਂ ਸੁਨੀਲ ਜਾਖੜ ਨੂੰ ਮੁੱਖ ਹਿੰਦੂ ਚਿਹਰਾ ਬਣਾਇਆ ਗਿਆ ਸੀ।


ਮਾਨ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਫਰਜ਼ਾਂ ਵਿੱਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਉਹ ਜਨਵਰੀ 2019 ਤੋਂ ਇਸ ਅਹੁਦੇ 'ਤੇ ਕਾਬਜ਼ ਸਨ। ਹਾਲਾਂਕਿ ਪਾਰਟੀ ਨੇ ਪਹਿਲਾਂ ਪ੍ਰਿੰਸੀਪਲ ਬੁੱਧ ਰਾਮ ਨੂੰ ਮਾਨ ਦੇ ਨਾਲ ਕੰਮ ਕਰਨ ਲਈ "ਵਰਕਿੰਗ ਪ੍ਰਧਾਨ" ਨਿਯੁਕਤ ਕਰਨ ਦਾ ਤਜਰਬਾ ਕੀਤਾ ਸੀ, ਪਰ ਇਹ ਜ਼ਾਹਰ ਤੌਰ 'ਤੇ ਕੰਮ ਨਹੀਂ ਆਇਆ।



ਅਮਨ ਅਰੋੜਾ ਦੋ ਵਾਰ ਦੇ ਵਿਧਾਇਕ ਹਨ ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਭ ਤੋਂ ਵੱਧ ਫਰਕ ਨਾਲ ਜਿੱਤ ਦਰਜ ਕੀਤੀ ਸੀ। ਅਰੋੜਾ ਨੂੰ ਜ਼ਮੀਨੀ ਪੱਧਰ 'ਤੇ ਪਾਰਟੀ ਕਾਡਰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।