ਅਮਨ ਅਰੋੜਾ ਵੱਲੋਂ ਅਗਲੇ ਮਹੀਨੇ ਤੋਂ ਪੰਜਾਬ ਭਰ 'ਚ ਪਲੇਸਮੈਂਟ ਮੁਹਿੰਮ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਕਮਰ ਕੱਸਣ ਦੇ ਨਿਰਦੇਸ਼
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ ਮਹੀਨੇ ਤੋਂ ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਸ਼ੁਰੂ ਕਰਨ ਲਈ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਪੇਡਾ ਕੰਪਲੈਕਸ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਥਾਨਕ ਉਦਯੋਗਾਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦੀਆਂ ਰੋਜ਼ਗਾਰ ਸਬੰਧੀ ਲੋੜਾਂ ਬਾਰੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਦਾ ਧਿਆਨ ਸਿਰਫ਼ ਰਜਿਸਟ੍ਰੇਸ਼ਨ ਦੀ ਗਿਣਤੀ ਵਧਾਉਣ ਬਜਾਏ ਵਿਭਾਗ ਕੋਲ ਪਹਿਲਾਂ ਤੋਂ ਰਜਿਸਟਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਮਨੁੱਖੀ-ਸ਼ਕਤੀ ਵਿੱਚ ਤਬਦੀਲ ਕਰਨ ‘ਤੇ ਹੋਣਾ ਚਾਹੀਦਾ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਨੂੰ ਨੌਜਵਾਨਾਂ ਵਿੱਚ ਹਰਮਨ ਪਿਆਰੇ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਚਾਹਵਾਨ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਜਾਬ ਪੋਰਟਲ ‘ਤੇ ਹੁਨਰਮੰਦ ਮਨੁੱਖੀ ਸ਼ਕਤੀ ਬਾਰੇ ਪੂਰੀ ਜਾਣਕਾਰੀ ਉਪਲਬਧ ਹੋਣੀ ਚਾਹੀਦੀ ਹੈ।
ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਸਮੇਤ ਐਸ.ਏ.ਐਸ.ਨਗਰ, ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਵਿਖੇ ਪਿਛਲੇ ਦਿਨੀਂ ਕਰਵਾਏ ਗਏ “ਸਟਾਰਟਅੱਪ ਚੈਲੇਂਜ’’ ਮੁਕਾਬਲਿਆਂ ਦੇ ਜੇਤੂਆਂ ਨਾਲ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੀਆਂ ਸਰਕਾਰ ਤੋਂ ਉਮੀਦਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਅਮਨ ਅਰੋੜਾ ਨੇ ਆਗਾਮੀ ਸਟਾਰਟਅੱਪਸ ਨੂੰ ਸਹੀ ਸੇਧ ਦੇਣ ਵਿੱਚ ਇਨਕਿਊਬੇਟਰਾਂ ਦੀ ਭੂਮਿਕਾ ਦੀ ਵੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਸਟਾਰਟਅੱਪ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ੍ਰੀ ਦੀਪਇੰਦਰ ਢਿੱਲੋਂ, ਚੈਂਬਰ ਆਫ ਇੰਡਸਟਰੀ ਐਂਡ ਕਾਮਰਸ (ਸੀ.ਆਈ.ਆਈ.) ਦੇ ਐਗਜ਼ੀਕਿਊਟਿਵ ਸ੍ਰੀਮਤੀ ਅਚਿੰਤ ਕੌਰ, ਇਨੋਵੇਸ਼ਨ ਮਿਸ਼ਨ ਪੰਜਾਬ ਦੇ ਸੀ.ਈ.ਓ .ਸ੍ਰੀ ਸੋਮਵੀਰ ਸਿੰਘ, ਐਸੋਚੈਮ ਦੇ ਸਹਾਇਕ ਡਾਇਰੈਕਟਰ ਪਿ੍ਅੰਕਾ, ਮੁੰਜਾਲ ਬੀ.ਸੀ.ਯੂ. ਸੈਂਟਰ ਆਫ ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸਸ਼ਿਪ, ਲੁਧਿਆਣਾ ਦੇ ਡਾਇਰੈਕਟਰ ਸ਼ਿਬਾਨੰਦਾ ਦਾਸ਼ ਅਤੇ ਉਦਯੋਗਪਤੀ ਰਜਨੀਸ਼ ਧਵਨ ਵੀ ਮੌਜੂਦ ਸਨ।