ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਉੱਪ ਪ੍ਰਧਾਨ ਅਮਨ ਅਰੋੜਾ ਨੇ ਵੀ ਅਸਤੀਫਾ ਦੇ ਦਿੱਤਾ ਹੈ। ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮਾਫੀ ਮੰਗਣ ਮਗਰੋਂ ਪਾਰਟੀ ਦੇ ਹੋਰ ਲੀਡਰਾਂ ਵਿੱਚ ਵੀ ਰੋਸ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਮਾਨ ਨੇ ਫੇਸਬੁੱਕ ਪੋਸਟ ਪਾ ਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ। ਅਸਤੀਫਿਆਂ ਦਾ ਇਹ ਸਿਲਸਿਲਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਸ਼ੁਰੂ ਹੋਇਆ ਹੈ। ਬੀਤੇ ਕੱਲ੍ਹ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫ਼ੀ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਤਰਥੱਲੀ ਮੱਚੀ ਹੋਈ ਹੈ। ਕੇਜਰੀਵਾਲ ਦੇ ਇਸ ਫ਼ੈਸਲੇ ਤੋਂ ਸਾਰੇ ਹੈਰਾਨ ਹਨ। ਅਸਤੀਫ਼ਿਆਂ ਤੋਂ ਬਾਅਦ ਪਾਰਟੀ ਵਿੱਚ ਜਾਰੀ ਉਥਲ-ਪੁਥਲ ਹੋਰ ਤੇਜ਼ ਹੋ ਗਈ ਹੈ।