Farmers Protest: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਖੜ੍ਹੇ ਹਨ ਅਤੇ ਦਿੱਲੀ ਚੱਲੋ ਦੇ ਨਾਅਰੇ ਲਗਾ ਰਹੇ ਹਨ।
ਮੰਨਿਆ ਜਾ ਰਿਹਾ ਹੈ ਕਿ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਮੁੱਦੇ 'ਤੇ ਪੀਐਮ ਮੋਦੀ ਨਾਲ ਗੱਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ। ਕੌਰ ਦੀ ਮੌਜੂਦਗੀ ਤੋਂ ਬਾਅਦ ਸਵਾਲ ਉਠਾਏ ਜਾ ਰਹੇ ਹਨ ਕਿ ਕੀ ਉਹ ਲੋਕ ਸਭਾ ਚੋਣ ਲੜੇਗੀ ਜਾਂ ਨਹੀਂ। ਇਸ ਸਮੇਂ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਹਨ।
ਕਿਸਾਨ ਅੰਦੋਲਨ ਬਾਰੇ ਕੀ ਹੋਈ ਚਰਚਾ ?
ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਕਿਸਾਨਾਂ ਦੇ ਮੁੱਦਿਆਂ ਸਮੇਤ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਕੀਤੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਲਦੀ ਹੀ ਇਸ ਮਸਲੇ ਦਾ ਸਾਰਿਆਂ ਦੀ ਤਸੱਲੀ ਨਾਲ ਹੱਲ ਕਰ ਲਿਆ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ 13 ਫਰਵਰੀ ਨੂੰ ਅੰਦੋਲਨ ਸ਼ੁਰੂ ਕੀਤਾ ਸੀ। ਉਦੋਂ ਤੋਂ ਹੀ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਖੜ੍ਹੇ ਹੋ ਕੇ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਵੇਂ ਸਰਕਾਰ ਅਤੇ ਕਿਸਾਨਾਂ ਦਰਮਿਆਨ ਸੁਲ੍ਹਾ-ਸਫਾਈ ਲਈ ਚਾਰ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਸਾਰਥਕ ਨਤੀਜਾ ਨਹੀਂ ਨਿਕਲ ਸਕਿਆ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫੀ ਵਿਵਾਦਾਂ ਤੋਂ ਬਾਅਦ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਬਣਾਈ ਸੀ। ਬਾਅਦ ਵਿਚ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਅਤੇ ਪਾਰਟੀ ਨੂੰ ਭਾਜਪਾ ਵਿਚ ਮਿਲਾ ਦਿੱਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :