ਨਵੀਂ ਦਿੱਲੀ: ਸੀਨੀਅਰ ਕਾਂਗਰਸੀ ਲੀਡਰ ਅੰਬਿਕਾ ਸੋਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਹਾਈਕਮਾਨ ਦਾ ਇਹ ਆਫਰ ਠੁਕਰਾ ਦਿੱਤਾ। ਮੀਡੀਆ ਰਿਪੋਰਟਾਂ ਬਾਰੇ ਅੰਬਿਕਾ ਸੋਨੀ ਨੇ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਦਾ ਮੁੱਖ ਮੰਤਰੀ ਨੂੰ ਸਿੱਖ ਹੋਣਾ ਚਾਹੀਦਾ ਹੈ।



ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਕੋਈ ਵਿਵਾਦ ਨਹੀਂ ਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ। ਦਰਅਸਲ ਮੀਡੀਆ ਵਿੱਚ ਚਰਚਾ ਸੀ ਕਿ ਅੰਬਿਕਾ ਸੋਨੀ ਪੰਜਾਬ ਦੀ ਮੁੱਖ ਮੰਤਰੀ ਬਣ ਸਕਦੀ ਹੈ। ਇਸ ਬਾਰੇ ਸੋਨੀ ਨੇ ਖੁਦ ਹੀ ਸਪਸ਼ਟ ਕਰ ਦਿੱਤਾ ਹੈ।

ਪਾਰਟੀ ਸੂਤਰਾਂ ਮੁਤਾਬਕ ਵਿਧਾਇਕ ਦਲ ਦੇ ਨਵੇਂ ਨੇਤਾ ਦੇ ਨਾਂ 'ਤੇ ਹਾਲੇ ਸਹਿਮਤੀ ਨਹੀਂ ਬਣੀ। ਉਂਝ ਇਸ ਦਾ ਐਲਾਨ ਅੱਜ ਹੀ ਹੋਏਗਾ। ਕੈਪਟਨ ਦੇ ਅਸਤੀਫੇ ਮਗਰੋਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਮੌਜੂਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਮੁੱਖ ਮੰਤਰੀ ਦੇ ਅਹੁਦੇ ਲਈ ਵਿਚਾਰੇ ਜਾ ਰਹੇ ਹਨ ਪਰ ਸਿੱਖ ਚਿਹਰੇ ਕਰਕੇ ਜਾਖੜ ਦੇ ਨਾਂ 'ਤੇ ਬ੍ਰੇਕ ਲੱਗ ਗਈ ਹੈ।

ਉਧਰ, ਪਾਰਟੀ ਲੀਡਰਾਂ ਨੇ ਕਿਹਾ ਕਿ ਹਾਈ ਕਮਾਨ ਜੋ ਫੈਸਲਾ ਕਰੇਗੀ, ਉਸ ਨੂੰ ਮੰਨਿਆ ਜਾਵੇਗਾ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਕੇਂਦਰੀ ਨਿਗਰਾਨ ਅਜੈ ਮਾਕਨ ਤੇ ਹਰੀਸ਼ ਚੌਧਰੀ ਹਾਲੇ ਚੰਡੀਗੜ੍ਹ ’ਚ ਟਿਕੇ ਹੋਏ ਹਨ।

ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਆਸ ਪ੍ਰਗਟ ਕੀਤੀ ਹੈ ਕਿ ਸੀਨੀਅਰ ਕਾਂਗਰਸੀ ਨੇਤਾ ਕੈਪਟਨ ਅਮਰਿੰਦਰ ਸਿੰਘ ਅਜਿਹਾ ਕੋਈ ਕਦਮ ਨਹੀਂ ਚੁੱਕਣਗੇ, ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋਵੇ। ਉਨ੍ਹਾਂ ਨੇ ਟਵਿੱਟਰ 'ਤੇ ਜਾਰੀ ਬਿਆਨ ’ਚ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਵਿਧਾਇਕਾਂ ਤੇ ਜਨਤਾ ਤੋਂ ਮਿਲੇ ਸੁਝਾਅ ਮਗਰੋਂ ਪਾਰਟੀ ਦੇ ਹਿੱਤ ’ਚ ਇਹ ਫੈਸਲਾ ਲਿਆ ਹੈ। ਗਹਿਲੋਤ ਨੇ ਟਵੀਟ ਕੀਤਾ, ‘ਕੈਪਟਨ ਸਾਹਬ ਪਾਰਟੀ ਦੇ ਸਤਿਕਾਰਤ ਨੇਤਾ ਹਨ ਤੇ ਮੈਨੂੰ ਉਮੀਦ ਹੈ ਕਿ ਉਹ ਪਾਰਟੀ ਦੇ ਹਿੱਤ ਨੂੰ ਅੱਗੇ ਰੱਖਦੇ ਹੋਏ ਕੰਮ ਕਰਦੇ ਰਹਿਣਗੇ।’