operation sindoor: ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ, ਭਾਰਤੀ ਫੌਜ ਨੇ ਪਾਕਿਸਤਾਨ ਤੇ ਪੀਓਕੇ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਤੋਂ ਬਾਅਦ ਸਰਹੱਦੀ ਸੂਬਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਗਨ। ਅੰਮ੍ਰਿਤਸਰ ਤੇ ਚੰਡੀਗੜ੍ਹ ਦੇ ਹਵਾਈ ਅੱਡਿਆਂ ਤੋਂ ਉਡਾਣਾਂ ਵੀ ਬੰਦ ਕਰ ਦਿੱਤੀਆਂ ਹਨ।

ਇਸ ਦੌਰਾਨ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦੁਪਹਿਰ 2 ਵਜੇ ਸਰਹੱਦੀ ਰਾਜਾਂ ਦੇ ਮੁੱਖ ਮੰਤਰੀਆਂ, ਡੀਜੀਪੀ ਅਤੇ ਮੁੱਖ ਸਕੱਤਰਾਂ ਨਾਲ ਮੀਟਿੰਗ ਬੁਲਾਈ ਹੈ ਜਿਸ ਵਿੱਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਤੇ ਲੱਦਾਖ ਦੇ ਉਪ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ।

ਜ਼ਿਕਰ ਕਰ ਦਈਏ ਕਿ ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਸਵੇਰੇ 1.05 ਵਜੇ ਤੋਂ 1.30 ਵਜੇ ਤੱਕ ਪਾਕਿਸਤਾਨ 'ਤੇ 'ਆਪ੍ਰੇਸ਼ਨ ਸਿੰਦੂਰ' ਨਾਮਕ ਹਵਾਈ ਹਮਲਾ ਕੀਤਾ। ਇਸ ਸਮੇਂ ਦੌਰਾਨ, 9 ਥਾਵਾਂ 'ਤੇ 100 ਤੋਂ ਵੱਧ ਅੱਤਵਾਦੀ ਮਾਰੇ ਗਏ। ਇਸ ਹਮਲੇ ਤੋਂ ਬਾਅਦ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿੱਚ ਹਾਈ ਅਲਰਟ ਹੈ।

ਹਰਿਆਣਾ ਦੇ ਅੰਬਾਲਾ ਵਿੱਚ ਹਾਈ ਅਲਰਟ ਨੂੰ ਦੇਖਦੇ ਹੋਏ, ਡਰੋਨ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਮੌਕੇ ਹਰਿਆਣਾ ਕਾਂਗਰਸ ਨੇ ਸੰਵਿਧਾਨ ਬਚਾਓ ਰੈਲੀ ਤਹਿਤ ਆਯੋਜਿਤ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ - ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣਿਆ ਕਰਤਾਰਪੁਰ ਲਾਂਘਾ ਵੀ ਹਵਾਈ ਹਮਲੇ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵਾਂਸ਼ਹਿਰ ਅਤੇ ਜਲੰਧਰ ਦਾ ਦੌਰਾ ਰੱਦ ਕਰ ਦਿੱਤਾ ਹੈ। ਅੰਮ੍ਰਿਤਸਰ ਹਵਾਈ ਅੱਡੇ ਦੀਆਂ ਸਾਰੀਆਂ 22 ਉਡਾਣਾਂ 10 ਮਈ ਸ਼ਾਮ 5.30 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ।