ਨਵੀਂ ਦਿੱਲੀ: ਆਉਂਦੇ ਵਰ੍ਹੇ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਕਾਂਗਰਸ ਨੇ ਵੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੰਜਾਬ ਇਕਾਈ ਦਾ ਪੁਨਰਗਠਨ ਕਰਨ ਦਾ ਮਾਮਲਾ ਵਿਚਾਰਨ ਲਈ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।


ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਚਾਰ-ਚਰਚਾ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਦੇ ਪੁਨਰਗਠਨ ਦੁਆਲੇ ਕੇਂਦਰਿਤ ਰਹੀ ਤਾਂ ਕਿ ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਪੁਖਤਾ ਤਿਆਰੀ ਕੀਤੀ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਸੈਸ਼ਨ ਪੰਜਾਬ ਵਿੱਚ ਕਰਾਉਣ ਦੀ ਸੰਭਾਵਨਾ 'ਤੇ ਵੀ ਵਿਚਾਰ ਕੀਤੀ ਜੋ ਮਾਰਚ-ਅਪ੍ਰੈਲ ਵਿੱਚ ਹੋਣ ਦੀ ਆਸ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸੈਸ਼ਨ ਲਈ ਦਿੱਲੀ ਤੋਂ ਇਲਾਵਾ ਪੰਜਾਬ ਨੂੰ ਵੀ ਸੰਭਾਵੀ ਸਥਾਨ ਵਜੋਂ ਵਿਚਾਰਿਆ ਜਾ ਰਿਹਾ ਹੈ ਪਰ ਇਸ ਸਬੰਧੀ ਅਜੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ।