ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿਚ ਪੈਂਦੇ ਪਿੰਡ ਬਡਗੁੱਜਰਾ ਵਿਖੇ ਆਤਮ ਹੱਤਿਆ ਕਰਨ ਵਾਲੇ ਕਾਂਗਰਸੀ ਸਰਪੰਚ ਬਲਕਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਉਨ੍ਹਾਂ ਦੀ ਗੱਲ ਸੁਣ ਲਈ ਪਿੰਡ ਬਡਗੁੱਜਰਾ ਪਹੁੰਚੇ ਹਨ। ਇਸ ਮੌਕੇ ਰਾਜਾ ਵੜਿੰਗ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ,ਉੱਥੇ ਹੀ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਇਸ ਮੌਕੇ ਵੜਿੰਗ ਨੇ ਸੱਤਾਧਾਰੀ ਪਾਰਟੀ 'ਤੇ ਕਈ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ ਸੱਤਾਧਾਰੀ ਪਾਰਟੀ ਚੁਣੇ ਹੋਏ ਸਰਪੰਚਾਂ ਨੂੰ ਅਧਿਕਾਰੀਆਂ ਦੇ ਜ਼ਰੀਏ ਜਾਣਬੁੱਝ ਕੇ ਮਜ਼ਬੂਰ ਕਰ ਰਹੇ ਹਨ ਕਿ ਜਾਂ ਤਾਂ ਐਮਐਲਏ ਦੇ ਘਰ ਆਜਾ ਜਾਂ ਫੇਰ ਤੇਰੇ 'ਤੇ ਕਾਰਵਾਹੀ ਹੋਵੇਗੀ। ਇਸੇ ਤਰ੍ਹਾਂ ਇਸ ਸਰਪੰਚ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਬਲਕਾਰ ਸਿੰਘ ਨੇ ਇਹ ਕਦਮ ਚੁੱਕਿਆ,ਪਰ ਕਈ ਦਿਨ ਬੀਤ ਜਾਣ ਦੇ ਬਾਅਦ ਵੀ ਹਲੇ ਤੱਕ ਇਸ ਵਿਚ ਸ਼ਾਮਿਲ ਲੋਕਾਂ ਨੂੰ ਪੁਲਿਸ ਵੱਲੋਂ ਗਿਰਫ਼ਤਾਰ ਨਹੀਂ ਕੀਤਾ ਗਿਆ।
ਉਨ੍ਹਾਂ ਚੇਤਾਵਨੀ ਭਰੇ ਲਹਿਜੇ 'ਚ ਕਿਹਾ ਕਿ ਜੇਕਰ ਜਲਦ ਉਕਤ ਲੋਕਾਂ ਦੀ ਗਿਰਫਤਾਰੀ ਨਹੀਂ ਕੀਤੀ ਗਈ ਤਾਂ ਅਸੀਂ ਦੋ -ਚਾਰ ਦਿਨਾਂ ਤੱਕ ਇਕ ਵੱਡਾ ਸੰਘਰਸ਼ ਉਲੀਕਾਂਗੇ। ਉਥੇ ਹੀ ਉਨ੍ਹਾਂ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ੇ ਤੇ ਪਰਿਵਾਰਿਕ ਮੈਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਹੈ। ਉਥੇ ਹੀ ਸਿਆਸੀ ਸਵਾਲ ਪੁੱਛੇ ਜਾਣ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਭੱਜਦੇ ਨਜ਼ਰ ਆਏ।
ਦੱਸ ਦੇਈਏ ਕਿ ਬੀਤੇ ਦਿਨੀਂ ਖੰਨਾ ਦੇ ਰੇਲਵੇ ਟਰੈਕ 'ਤੇ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਬਡਗੁੱਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਆਤਮ ਹੱਤਿਆ ਕਰ ਸੀ। ਇਸ ਮਗਰੋਂ ਪੰਚਾਇਤ ਅਫ਼ਸਰ ਸਮੇਤ 10 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਮਗਰੋਂ ਪੁਲਿਸ ਹਰਕਤ ਵਿੱਚ ਆਈ ਤੇ ਕੇਸ ਦਰਜ ਕੀਤਾ। ਪਰਿਵਾਰ ਵੱਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਆਰੋਪ ਲਗਾਏ ਹਨ ਕਿ ਉਨ੍ਹਾਂ ਵੱਲੋਂ ਸਰਪੰਚ ਨੂੰ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਰਕੇ ਸਰਪੰਚ ਬਲਕਾਰ ਸਿੰਘ ਵਲੋਂ ਆਤਮ ਹੱਤਿਆ ਕਰ ਲਈ ਹੈ।