Amritpal Singh Police Custody: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਵੱਡੀ ਗੱਲ ਕਹੀ ਹੈ। ਗੋਪਾਲ ਰਾਏ ਨੇ ਕਿਹਾ ਕਿ ਇਸ ਗ੍ਰਿਫਤਾਰੀ ਨਾਲ ਇੱਕ ਵੱਡਾ ਸੰਦੇਸ਼ ਗਿਆ ਹੈ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਅੰਮ੍ਰਿਤਪਾਲ ਦਾ ਸਾਰਾ ਨੈੱਟਵਰਕ ਤਬਾਹ ਕਰ ਦਿੱਤਾ ਗਿਆ ਹੈ। 



ਮੰਤਰੀ ਗੋਪਾਲ ਰਾਏ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੰਜਾਬ ਪੁਲਿਸ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਮਿਲਿਆ ਹੈ। ਉਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਪੁਲਿਸ ਨੂੰ ਕਾਫੀ ਮਜ਼ਬੂਤੀ ਮਿਲੀ। ਖਾਲਿਸਤਾਨ ਲਹਿਰ ਵਾਪਸ ਆਉਣ ਦੇ ਸਵਾਲ 'ਤੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ 'ਚ ਅਮਨ-ਸ਼ਾਂਤੀ ਚਾਹੁੰਦੇ ਹਨ। ਉਨ੍ਹਾਂ ਨੇ ਹਿੰਸਾ ਦਾ ਦੌਰ ਦੇਖਿਆ ਹੈ।



ਦੱਸ ਦਈਏ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਕਾਫੀ ਸਮੇਂ ਤੋਂ ਫਰਾਰ ਚੱਲ ਰਿਹਾ ਸੀ। ਉਸ ਨੂੰ ਅੱਜ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਉਸ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ। 



ਪੰਜਾਬ ਪੁਲਿਸ ਨੇ ਟਵੀਟ ਕਰਕੇ ਦੱਸਿਆ, ‘ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਨਾਗਰਿਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਖ਼ਬਰਾਂ ਨੂੰ ਸਾਂਝਾ ਨਾ ਕਰਨ ਦੀ ਹਦਾਇਤ ਕੀਤੀ।