Punjab News : ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾਰਾ 144 ਲਗਾਈ ਗਈ ਹੈ। ਜਿਸ ਦਾ ਪੁਲਿਸ ਵੱਲੋਂ ਐਲਾਨ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ 'ਚ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੱਲ ਖ਼ਾਲਸਾ ਵੀਰ ਯਾਤਰਾ ਦੀ ਸ਼ੁਰੂਆਤ ਕੀਤੀ ਜਾਣੀ ਸੀ ਪਰ ਉਹ ਯਾਤਰਾ ਰੱਦ ਹੋਣ ਦੇ ਚਲਦਿਆਂ ਵੱਡਾ ਇਕੱਠ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਮੁਕਤਸਰ ਪੁਲਿਸ ਨੇ ਲੋਕਾਂ ਨੂੰ ਵੱਡਾ ਇਕੱਠ ਨਾ ਕਰਨ ਦੀ ਸਖ਼ਤ ਅਪੀਲ ਕੀਤੀ ਹੈ ਉਹ ਵੱਡਾ ਇਕੱਠ ਨਾ ਕਰਨ।

 

ਫਾਜ਼ਿਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ਼੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ ਇਹ ਹੁਕਮ ਜਿ਼ਲ੍ਹੇ ਦੀ ਹਦੂਦ ਅੰਦਰ 31 ਮਾਰਚ 2023 ਤੱਕ ਲਾਗੂ ਹੈ। ਜਿਸਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 


 

ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਪ੍ਰਕਾਰ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸਿਸ਼ ਕੀਤੀ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਸ਼ੋਸਲ ਮੀਡੀਆ ਤੇ ਕੋਈ ਅਫਵਾਹ ਫੈਲਾਈ ਜਾਂ ਕੋਈ ਗਲਤ ਸੂਚਨਾ ਫੈਲਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। 

 


 

ਓਧਰ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਪੰਜਾਬ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਵੱਖ-ਵੱਖ ਅਫਵਾਹਾਂ 'ਤੇ ਧਿਆਨ ਨਾ ਦਿਓ। ਪੁਲਿਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਉਤੇ ਅਫਵਾਹਾਂ ਤੋਂ ਬਚੋ। ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।

 


ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ। ਐਤਵਾਰ 12 ਵਜੇ ਤੱਕ ਇੰਟਰਨੈਟ ਬੰਦ ਰਹਿਣਗੇ। ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ।