Amritpal Singh Case: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ 353 ਵਿਅਕਤੀਆਂ ਵਿੱਚੋਂ 197 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਦੌਰਾਨ ਹਿਰਾਸਤ 'ਚ ਲਏ ਗਏ 44 ਲੋਕਾਂ ਨੂੰ ਰਿਹਾਅ ਕਰਕੇ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਸੀ ਕਿ ਜਨਤਾ ਦੇ ਵਡੇਰੇ ਹਿੱਤ ਅਤੇ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਸ਼ਿਕਾਰ ਨਾ ਹੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਅਜਿਹੇ ਵਿਅਕਤੀਆਂ ਨੂੰ ਛੱਡਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਦੀ ਘੱਟ ਭੂਮਿਕਾ ਸੀ ਜਾਂ ਕੇਵਲ ਧਾਰਮਿਕ ਭਾਵਨਾਵਾਂ ਦੇ ਆਧਾਰ 'ਤੇ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਸੀ। ਅਰਪਿਤ ਸ਼ੁਕਲਾ ਨੇ ਕਿਹਾ ਸੀ ਕਿ ਨਿਵਾਰਕ ਹਿਰਾਸਤ ਵਿੱਚ ਲਏ ਗਏ 44 ਲੋਕਾਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।
ਇਹ ਵੀ ਪੜ੍ਹੋ: ਚੰਬਾ 'ਚ ਹੋਇਆ ਦਰਦਨਾਕ ਹਾਦਸਾ, ਡਰਾਈਵਰ ਦੀ ਮੌਤ, ਕੰਡਕਟਰ ਜ਼ਖ਼ਮੀ, ਪੰਜਾਬ ਦੇ ਪਠਾਨਕੋਟ ਦੇ ਰਹਿਣ ਵਾਲੇ ਸਖ਼ਸ਼ ਦੀ ਹੋਈ ਮੌਤ
'ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਾ ਕਰੋ'- ਦੂਜੇ ਪਾਸੇ ਵੀਰਵਾਰ ਨੂੰ ਪੁਲਿਸ ਦੇ ਇੰਸਪੈਕਟਰ ਜਨਰਲ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ 177 ਲੋਕਾਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ। ਕੁੱਲ 207 ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 30 ਵੱਡੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਪਾਏ ਗਏ ਹਨ ਅਤੇ ਬਾਕੀ ਨਿਵਾਰਕ ਹਿਰਾਸਤ ਵਿੱਚ ਹਨ। ਇੱਕ ਅਧਿਕਾਰਤ ਬਿਆਨ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ 'ਵਾਰਿਸ ਪੰਜਾਬ ਦੇ' ਖਿਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਨੂੰ ਨਿਰਦੋਸ਼ ਲੋਕਾਂ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ।