ਪੰਜਾਬ 'ਚ ਵੱਡੀ ਸਿਆਸੀ ਹਲਚਲ ! ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ, ਸ੍ਰੀ ਅਕਾਲ ਤਖ਼ਤ ਸਾਹਿਬ ਕਰਵਾਈ ਅਰਦਾਸ
Amritpal Singh News: ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਹੁਣ ਉਨ੍ਹਾਂ ਦੇ ਪਿਤਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।
MP Amritpal Singhs Father Announcement: MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਜਲਦੀ ਹੀ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਬਣਾਉਣਗੇ ਤੇ ਜਲਦੀ ਹੀ ਉਸ ਪਾਰਟੀ ਦੇ ਨਾਂਅ ਦਾ ਖ਼ੁਲਾਸਾ ਵੀ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਐਸਜੀਪੀਸੀ(SGPC) ਚੋਣਾਂ ਲੜਨਗੇ।
ਅੰਮ੍ਰਿਤਪਾਲ ਸਿੰਘ (Amritpal Singh) ਦਾ ਪਰਿਵਾਰ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੇ ਅਰਦਾਸ ਕਰਨ ਲਈ ਪਹੁੰਚਿਆ ਸੀ, ਜਿਸ ਦੌਰਾਨ ਸੰਸਦ ਮੈਂਬਰ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਆਪਣੀ ਆਵਾਜ਼ ਬੁਲੰਦ ਕਰਨ ਲਈ ਨਵੀਂ ਪਾਰਟੀ ਬਣਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਬਹੁਤ ਮਾੜੇ ਹਾਲਾਤਾਂ ਵਿੱਚੋਂ ਗੁਜ਼ਰ ਰਹੇ ਹਨ।
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਹੁਣ ਉਨ੍ਹਾਂ ਦੇ ਪਿਤਾ ਨੇ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।
ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ 9 ਹੋਰਾਂ ਦੀ ਹਿਰਾਸਤ ਜੂਨ ਮਹੀਨੇ ਵਿੱਚ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ। ਇਹ ਸਾਰੇ ਪਿਛਲੇ ਸਾਲ ਮਾਰਚ ਤੋਂ ਜੇਲ੍ਹ ਵਿੱਚ ਬੰਦ ਹਨ।
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਤਿੰਨ ਸਾਥੀਆਂ ਦੀ ਹਿਰਾਸਤ 24 ਜੁਲਾਈ ਨੂੰ ਖ਼ਤਮ ਹੋਣੀ ਸੀ, ਜਦੋਂ ਕਿ ਛੇ ਹੋਰ ਸਾਥੀਆਂ ਦੀ ਹਿਰਾਸਤ 18 ਜੂਨ ਨੂੰ ਖ਼ਤਮ ਹੋਣੀ ਸੀ। ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ ਸੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਲਗਾਤਾਰ ਦੋਸ਼ ਲਗਾਉਂਦੇ ਆ ਰਹੇ ਹਨ ਕਿ ਸਰਕਾਰ ਨੇ ਉਨ੍ਹਾਂ ਦੇ ਪੁੱਤਰ ਨੂੰ ਐਨਐਸਏ ਲਗਾ ਕੇ ਧੋਖਾ ਦਿੱਤਾ ਹੈ। ਉਹ ਲਗਾਤਾਰ ਆਪਣੇ ਪੁੱਤਰ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ।