Amritpal Singh Latest News: ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਸੰਸਦ ਮੈਂਬਰ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਅਹੁਦੇ ਤੱਕ ਪਹੁੰਚਾਇਆ। ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਆਪਣੇ ਪੁੱਤਰ ਬਾਰੇ ਆਪਣਾ ਦਰਦ ਵੀ ਪ੍ਰਗਟ ਕੀਤਾ।
ਤਰਸੇਮ ਸਿੰਘ ਨੇ ਕਿਹਾ, "ਸਰਕਾਰ ਨੇ ਮੇਰੇ ਪੁੱਤਰ ਨਾਲ ਧੋਖਾ ਕੀਤਾ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ 'ਤੇ NSA ਲਾ ਕੇ ਬਹੁਤ ਵੱਡਾ ਧੋਖਾ ਕੀਤਾ ਹੈ। ਸਮੁੱਚੀ ਸਿੱਖ ਕੌਮ ਤੇ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਹੁਣ ਉਹ ਰਿਹਾਅ ਹੋ ਜਾਵੇਗਾ। ਅੰਮ੍ਰਿਤਪਾਲ ਸਿੰਘ ਨੇ ਹਮੇਸ਼ਾ ਹੀ ਸਿੱਖ ਕੌਮ ਤੇ ਸਿੱਖ ਮਸਲਿਆਂ ਲਈ ਆਵਾਜ਼ ਉਠਾਈ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਭੂਮਿਕਾ ਹਮੇਸ਼ਾ ਹੀ ਨਾਂਹ ਪੱਖੀ ਰਹੀ ਹੈ। ਅੰਮ੍ਰਿਤਪਾਲ ਸਿੰਘ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਚਲਾ ਰਹੇ ਸੀ ਪਰ ਝੂਠੇ ਦੋਸ਼ ਲਗਾ ਕੇ ਉਸ ਨੂੰ ਫਸਾਇਆ ਗਿਆ ਹੈ। ਤਰਸੇਮ ਸਿੰਘ ਨੇ ਕਿਹਾ, "ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਵਿੱਚ ਲਿਜਾਣਾ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਹੈ। ਮੈਂ ਲੋਕਾਂ ਨੂੰ ਬੇਨਤੀ ਕਰਾਂਗਾ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ।"
ਤਰਸੇਮ ਸਿੰਘ ਨੇ ਕਿਹਾ ਅੰਮ੍ਰਿਤਪਾਲ ਸਿੰਘ ਦਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਨਾ ਵਿਸ਼ਵ ਭਰ ਵਿੱਚ ਵੱਸਦੇ ਵੋਟਰਾਂ ਤੇ ਪੰਜਾਬੀਆਂ ਲਈ ਖੁਸ਼ੀ ਦੀ ਗੱਲ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਮਿਲਣ ਦੀ ਇਜਾਜ਼ਤ ਦੇਵੇ। ਉਸ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।