ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਲਿਆਂਦਾ ਗਿਆ ਅੰਮ੍ਰਿਤਸਰ, ਅਜਨਾਲਾ ਕੋਰਟ ‘ਚ ਹੋਵੇਗੀ ਪੇਸ਼ੀ, ਜਾਣੋ ਪੂਰਾ ਮਾਮਲਾ
Punjab News: ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਨਾਲ ਜੁੜੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ 'ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਰੱਦ ਕਰ ਦਿੱਤਾ ਗਿਆ ਹੈ।

Punjab News: ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਨਾਲ ਜੁੜੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ 'ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਰੱਦ ਕਰ ਦਿੱਤਾ ਗਿਆ ਹੈ। ਐਨਐਸਏ (NSA) ਖਤਮ ਹੋਣ ਤੋਂ ਬਾਅਦ, ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਨੂੰ ਜਲਦੀ ਹੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਦੌਰਾਨ ਅਦਾਲਤ ਦੇ ਬਾਹਰ ਪਹੁੰਚੀ ਪੱਪਲਪ੍ਰੀਤ ਸਿੰਘ ਦੀ ਮਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਨੂੰ ਨਸ਼ਾ ਰੁਕਵਾਉਣ ਦੀ ਸਜ਼ਾ ਦਿੱਤੀ ਗਈ ਹੈ। ਉਹ ਨਸ਼ਾ ਰੋਕਣ ਲਈ ਹੀ ਅੰਮ੍ਰਿਤਪਾਲ ਸਿੰਘ ਦੇ ਨੇੜੇ ਗਿਆ ਸੀ। ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਜਦੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਨੇ ਉਸ ਨੂੰ ਭੱਜਣ ਵਿੱਚ ਮਦਦ ਕੀਤੀ। ਉਸ ਦਾ ਅਪਰਾਧ ਇੰਨਾ ਵੱਡਾ ਵੀ ਨਹੀਂ ਸੀ ਜਿੰਨੀ ਉਸ ਨੂੰ ਸਜ਼ਾ ਦਿੱਤੀ ਜਾ ਰਹੀ ਹੈ।
ਪੱਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫਰਾਰ ਸੀ, ਤਾਂ ਉਸ ਨੂੰ ਅੰਮ੍ਰਿਤਪਾਲ ਸਿੰਘ ਦੇ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ, ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ 'ਤੇ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਦੇ ਨਾਲ ਕਈ ਯੋਜਨਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਨ੍ਹਾਂ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ।
ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ
ਸੂਤਰਾਂ ਅਨੁਸਾਰ ਐਨਐਸਏ ਦੀ ਮਿਆਦ ਖਤਮ ਹੋਣ ਤੋਂ ਬਾਅਦ, ਪੱਪਲਪ੍ਰੀਤ ਨੂੰ ਹੁਣ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਮਾਮਲੇ ਵਿੱਚ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਦੌਰਾਨ, ਪੁਲਿਸ ਪ੍ਰਸ਼ਾਸਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਲਰਟ ਮੋਡ 'ਤੇ ਹੈ। ਜਦੋਂ ਕਿ ਇਸ ਤੋਂ ਪਹਿਲਾਂ, ਅਦਾਲਤ ਨੇ NSA ਖਤਮ ਹੋਣ ਤੋਂ ਬਾਅਦ ਹਿਰਾਸਤ ਵਿੱਚ ਲਏ ਗਏ 8 ਸਾਥੀਆਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦੀ ਹੀ ਲਿਆਂਦਾ ਜਾ ਸਕਦਾ ਅੰਮ੍ਰਿਤਸਰ
ਇਸ ਦੇ ਨਾਲ ਹੀ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ 'ਤੇ ਲਗਾਇਆ ਗਿਆ NSA 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 22 ਅਪ੍ਰੈਲ ਤੋਂ ਬਾਅਦ ਅੰਮ੍ਰਿਤਸਰ ਵੀ ਲਿਆਂਦਾ ਜਾਵੇਗਾ। ਜਿੱਥੇ ਅਜਨਾਲਾ ਥਾਣੇ 'ਤੇ ਹੋਏ ਹਮਲਿਆਂ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਦੇ ਖਿਲਾਫ ਦਰਜ ਸਾਰੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਵਿੱਚ ਲਗਭਗ 12 ਮਾਮਲੇ ਦਰਜ ਹਨ। ਜਿਸ ਵਿੱਚ ਕੁਝ ਮਹੀਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਵਿਰੁੱਧ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲ ਦੇ ਦੋਸ਼ ਵਿੱਚ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ।






















