Dibrugarh Jail Assam : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ  ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਵੀ ਜੇਲ੍ਹ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੀ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਮਾਂ ਅਤੇ ਵਕੀਲ ਨੇ ਇੱਕ ਵੀਡੀਓ ਜਾਰੀ ਕਰਕੇ ਸਰਕਾਰ ਅਤੇ ਅੰਮ੍ਰਿਤਸਰ ਦੇ ਡੀਸੀ 'ਤੇ ਗੰਭੀਰ ਦੋਸ਼ ਲਾਏ ਹਨ। ਦੋਵਾਂ ਨੇ ਕਿਹਾ, ਡੀਸੀ ਸਰਕਾਰ ਦੇ ਇਸ਼ਾਰੇ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੇ ਹਨ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਕਿਹਾ, ਡੀਸੀ ਸਰਕਾਰ ਦੇ ਇਸ਼ਾਰੇ ’ਤੇ ਵਕੀਲਾਂ ਨੂੰ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਹੈ। ਅੰਮ੍ਰਿਤਪਾਲ ਦੇ ਨਾਲ ਹੀ ਪੰਜਾਬ ਦੇ 9 ਹੋਰ ਨੌਜਵਾਨ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਹਰ ਕਿਸੇ ਦੇ ਵੱਖ-ਵੱਖ ਵਕੀਲ ਹਨ, ਪਰ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਦਾ ਕੋਈ ਵੀ ਕੇਸ ਲੜੇ ਅਤੇ ਉਹ ਜੇਲ੍ਹ ਤੋਂ ਬਾਹਰ ਆ ਸਕਣ।


ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੂੰ ਜੇਲ੍ਹ 'ਚ ਵੱਖ-ਵੱਖ ਤਰੀਕਿਆਂ ਨਾਲ ਕੀਤਾ ਜਾ ਰਿਹੈ ਪ੍ਰੇਸ਼ਾਨ 


ਐਡਵੋਕੇਟ ਇਮਾਨ ਸਿੰਘ ਖਾਰਾ ਨੇ ਕਿਹਾ, ਅਗਲੇ ਸਾਲ ਲੋਕ ਸਭਾ ਚੋਣਾਂ ਆ ਰਹੀਆਂ ਹਨ। ਸਰਕਾਰ ਚਾਹੁੰਦੀ ਹੈ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ 4-5 ਸਾਲ ਜੇਲ੍ਹ ਵਿੱਚ ਰੱਖਿਆ ਜਾਵੇ। ਉਹ ਬਹੁਗਿਣਤੀ ਲੋਕਾਂ ਦੀਆਂ ਵੋਟਾਂ ਹਾਸਲ ਕਰਨ ਲਈ ਅਜਿਹਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਡੀਸੀ ਸਰਕਾਰ ਦੇ ਇਸ਼ਾਰੇ ’ਤੇ ਕਠਪੁਤਲੀ ਵਾਂਗ ਨੱਚ ਰਹੇ ਹਨ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਵਿੱਚ ਵੱਖ-ਵੱਖ ਤਰੀਕਿਆਂ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਦੇ ਉਨ੍ਹਾਂ ਦੇ ਖਾਣੇ ਵਿੱਚ ਤੰਬਾਕੂ ਮਿਲਾਇਆ ਜਾ ਰਿਹਾ ਹੈ ਅਤੇ ਕਦੇ ਉਨ੍ਹਾਂ ਨੂੰ ਵਕੀਲਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲਣ ਤੋਂ ਰੋਕਿਆ ਜਾ ਰਿਹਾ ਹੈ। ਵਕੀਲ ਨੇ ਕਿਹਾ, ਹਾਲ ਹੀ ਵਿੱਚ ਪ੍ਰਧਾਨ ਮੰਤਰੀ ਬਾਜੇਕੇ ਦੀ ਇੱਕ ਆਡੀਓ ਵੀ ਵਾਇਰਲ ਹੋਈ ਸੀ ਜਿਸ ਵਿੱਚ ਉਹ ਆਪਣੀ ਮਾਂ ਨੂੰ ਦੱਸ ਰਹੇ ਹਨ ਕਿ ਕਿਵੇਂ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ।



ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਵੀ ਲਾਏ ਇਹ ਦੋਸ਼


ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੁੱਤਰ ਤੇ ਉਸ ਦੇ ਸਾਥੀਆਂ ਵੱਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, ਉਨ੍ਹਾਂ ਦਾ ਲੜਕਾ 6-7 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ, ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਡੀਸੀ ਉਨ੍ਹਾਂ ਨਾਲ ਧੱਕਾ ਕਰ ਰਹੇ ਹਨ। ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆ ਕੇ ਇੱਥੇ ਰੱਖਿਆ ਜਾਵੇ। ਉਨ੍ਹਾਂ ਕਿਹਾ, ਭਾਈ ਅੰਮ੍ਰਿਤਪਾਲ ਨੇ ਪੰਥ ਦੀ ਚੜ੍ਹਦੀ ਕਲਾ ਲਈ ਹੰਭਲਾ ਮਾਰਿਆ ਸੀ। ਆਪ ਸਭ ਨੂੰ ਅਪੀਲ ਹੈ ਕਿ ਸਾਰੇ ਸਿੰਘ ਇਕੱਠੇ ਹੋ ਕੇ, ਸੰਗਤ ਸਾਥ ਦੇਵੇ ਅਤੇ ਵਾਰਿਸ ਪੰਜਾਬ ਦੇ ਸਿੰਘਾਂ ਨੂੰ ਛੁਡਾਉਣ ਲਈ ਯਤਨਸ਼ੀਲ ਹਨ ਜੋ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।


ਡੀਸੀ ਅਮਿਤ ਤਲਵਾੜ ਨੇ ਦਾ ਇਹ ਬਿਆਨ 


ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾੜ ਨੇ ਕਿਹਾ,  ਕੈਦੀਆਂ ਨੂੰ ਆਪਣੀ ਪਸੰਦ ਦੇ ਵਕੀਲ ਨੂੰ ਮਿਲਣ ਦੀ ਪੂਰੀ ਇਜਾਜ਼ਤ ਹੈ। ਅੰਮ੍ਰਿਤਪਾਲ ਪਹਿਲਾਂ ਹੀ ਐਡਵੋਕੇਟ ਨਵਕਿਰਨ ਸਿੰਘ ਨੂੰ ਮਿਲ ਚੁੱਕੇ ਹਨ। ਹੁਣ ਉਹ ਰਾਜਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਨੂੰ ਨਵੇਂ ਵਕੀਲ ਨਾਲ ਮਿਲਣ ਦੀ ਇਜਾਜ਼ਤ ਦੇਣ ਦਾ ਮਾਮਲਾ ਗ੍ਰਹਿ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਉਹਨਾਂ ਤੋਂ Guidance ਅਤੇ ਸਪੱਸ਼ਟੀਕਰਨ (clarification) ਮੰਗਿਆ ਗਿਆ ਹੈ।