Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਅਹੁਦੇ ਦੀ ਸਹੁੰ ਚੁੱਕਣ ਲਈ ਸਖ਼ਤ ਸੁਰੱਖਿਆ ਦਰਮਿਆਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਹੈ।
Amritpal Singh: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਅਹੁਦੇ ਦੀ ਸਹੁੰ ਚੁੱਕਣ ਲਈ ਸਖ਼ਤ ਸੁਰੱਖਿਆ ਦਰਮਿਆਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਹੈ। ਉਹ 12 ਤੋਂ 1 ਵਜੇ ਦੇ ਵਿਚਾਲੇ ਸਹੁੰ ਚੁੱਕ ਸਕਦੇ ਹਨ। ਉਨ੍ਹਾਂ ਨੂੰ ਲੋਕ ਸਭਾ ਸਪੀਕਰ ਦੇ ਦਫਤਰ ਵਿੱਚ ਸਹੁੰ ਚੁਕਾਈ ਜਾਵੇਗੀ।
ਉਧਰ, ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ। ਇਸ ਬਾਰੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰ ਨਾਲ ਮਿਲਣ ਲਈ ਇੱਕ ਘੰਟੇ ਦਾ ਸਮਾਂ ਰੱਖਿਆ ਗਿਆ ਹੈ। ਪਰਿਵਾਰ ਦੇ 5 ਲੋਕ ਮਿਲ ਸਕਦੇ ਹਨ ਜਿਸ ਵਿੱਚ ਉਨ੍ਹਾਂ ਦੇ ਪਿਤਾ ਜੀ ਸ਼ਾਮਲ ਹਨ। ਬਾਕੀ ਲੋਕਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਅੱਠ ਵਿਅਕਤੀਆਂ ਦੇ ਨਾਂ ਦਿੱਤੇ ਗਏ ਹਨ, ਜੋ ਅੰਮ੍ਰਿਤਪਾਲ ਸਿੰਘ ਨਾਲ ਮਿਲਣਾ ਚਾਹੁੰਦੇ ਹਨ। ਹਾਲਾਂਕਿ ਹੁਣ ਇਹ ਸਰਕਾਰ ਨੇ ਤੈਅ ਕਰਨਾ ਹੈ ਕਿ ਕਿੰਨੇ ਲੋਕ ਮਿਲ ਸਕਣਗੇ। ਇਸ ਦੇ ਨਾਲ ਹੀ ਪਰਿਵਾਰ ਨੇ ਦੱਸਿਆ ਕਿ ਐਮਪੀ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪਰਿਵਾਰ ਨਾਲ ਫੋਨ 'ਤੇ ਗੱਲ ਕਰਦੇ ਰਹਿੰਦੇ ਹਨ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕ ਰਹੇ ਹਨ। ਇਸ ਲਈ ਉਨ੍ਹਾਂ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਤੇ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਇੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।
ਯਾਦ ਰਹੇ ਅੰਮ੍ਰਿਤਪਾਲ ਨੂੰ 4 ਦਿਨ ਦੀ ਪੈਰੋਲ ਮਿਲੀ ਹੈ ਪਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਹੀ ਜੇਲ੍ਹ ਤੋਂ ਬਾਹਰ ਲਿਆਇਆ ਹੈ। ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਦਿੱਲੀ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਤੇ ਚਾਚਾ ਦਿੱਲੀ ਪਹੁੰਚੇ ਹੋਏ ਹਨ। ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜੇਲ੍ਹ ਭੇਜ ਦਿੱਤਾ ਜਾਵੇਗਾ।
ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਪੈਰੋਲ ਉਪਰ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਨੂੰ ਲਿਆਉਣ, ਠਹਿਰਾਉਣ ਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।