Amritpal Singh News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ੇ ਸਮੇਤ ਗ੍ਰਿਫਤਾਰ ਕਰਨ ਦਾ ਮਾਮਲਾ ਗਰਮਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਸਾਜਿਸ਼ ਰਚੀ ਗਈ ਹੈ। ਅੰਮ੍ਰਿਤਪਾਲ ਦੀ ਮਾਸੀ ਨੇ ਕਿਹਾ ਕਿ ਸਾਡੇ ਬੱਚੇ ਨਾਲ ਸਰਕਾਰੀ ਸਟੰਟ ਕੀਤਾ ਜਾ ਰਿਹਾ ਹੈ। 



ਉਧਰ, ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ 'ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਖਿਲਾਫ ਅਸੀਂ ਜੋ ਆਵਾਜ਼ ਉਠਾਈ ਹੈ, ਉਸ ਨੂੰ ਦਬਾਉਣ ਲਈ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਪੁਲਿਸ ਨਸ਼ਾ ਰੋਕਣ ਲਈ ਕੰਮ ਕਰਨ ਦੀ ਬਜਾਏ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ।


ਇਸ ਦੇ ਨਾਲ ਹੀ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਅੱਜ ਇੱਕ ਮਾਰਚ ਵਿੱਚ ਹਿੱਸਾ ਲੈਣ ਫਰੀਦਕੋਟ ਆਉਣਾ ਸੀ। ਇਸ ਤੋਂ ਪਹਿਲਾਂ ਇਹ ਖਬਰ ਆ ਗਈ। ਇਸ ਮਾਮਲੇ ਦੀ ਹਾਈ ਕੋਰਟ ਦੇ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਹਰਪ੍ਰੀਤ ਸਿੰਘ ਨਸ਼ਾ ਲੈਂਦਾ ਹੈ ਜਾਂ ਉਸ ਕੋਲੋਂ ਨਸ਼ੇ ਵਰਗੀ ਕੋਈ ਚੀਜ਼ ਬਰਾਮਦ ਹੋ ਸਕਦੀ ਹੈ।


ਇਸ ਬਾਰੇ ਐਸਐਸਪੀ ਅੰਕੁਰ ਗੁਪਤਾ ਨੇ ਕਿਹਾ ਕਿ ਫਿਲਹਾਲ ਉਹ ਸਾਡੇ ਲਈ ਦੋਸ਼ੀ ਹੈ ਕਿਉਂਕਿ ਉਸ ਨੇ ਅਪਰਾਧ ਕੀਤਾ ਹੈ। ਫਿਲੌਰ ਪੁਲਿਸ ਨੇ ਰੁਟੀਨ ਚੈਕਿੰਗ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਨੇ ਕਿਹਾ ਕਿ ਐਨਡੀਪੀਐਸ ਐਕਟ 22-27 ਦੇ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 29 ਜੋੜ ਦਿੱਤੀ ਹੈ।


ਉਧਰ, ਫਿਲੌਰ ਪੁਲਿਸ ਵੱਲੋਂ ਲੁਧਿਆਣਾ ਤੋਂ ਗ੍ਰਿਫਤਾਰ ਕੀਤੇ ਗਏ ਸੰਦੀਪ ਹੈਬੋਵਾਲ ਨੂੰ ਥਾਣੇ ਲਿਆਂਦਾ ਗਿਆ ਹੈ। ਹੁਣ ਤਿੰਨਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਨੇ ਸੰਦੀਪ ਹੈਬੋਵਾਲ ਤੋਂ 10 ਹਜ਼ਾਰ ਰੁਪਏ ਦਾ ਨਸ਼ਾ ਖਰੀਦਿਆ ਸੀ।